ਬਿਊਰੋ, ਪ੍ਰਾਈਮ ਪੋਸਟ ਪੰਜਾਬ
ਤਰਨਤਾਰਨ, 31 ਅਗਸਤ 2022 : ਤਰਨਤਾਰਨ ਦੀ ਏਸੀਜੇਐਮ ਅਦਾਲਤ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ, ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।
ਇਹ ਹੁਕਮ 2020 ਵਿੱਚ ‘ਆਪ’ ਆਗੂਆਂ ਵੱਲੋਂ ਤਰਨਤਾਰਨ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਦਿੱਤੇ ਧਰਨੇ ਖ਼ਿਲਾਫ਼ ਦਰਜ ਐਫਆਈਆਰ ਤਹਿਤ ਜਾਰੀ ਕੀਤੇ ਗਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਜੁਲਾਈ 2020 ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਕਲੀ ਸ਼ਰਾਬ ਕਾਰਨ ਕਈ ਜਾਨਾਂ ਗਈਆਂ ਸਨ। ਇਸ ਦੇ ਵਿਰੋਧ ਵਿੱਚ ‘ਆਪ’ ਆਗੂਆਂ ਨੇ ਤਰਨਤਾਰਨ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਤਤਕਾਲੀ ਕਾਂਗਰਸ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਕਾਂਗਰਸ ਸਰਕਾਰ ਨੇ ਤਰਨਤਾਰਨ ਦੇ ਥਾਣਾ ਸਦਰ ‘ਚ ‘ਆਪ‘ ਆਗੂਆਂ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਏ.ਸੀ.ਜੇ.ਐਮ ਬਗੀਚਾ ਸਿੰਘ ਦੀ ਅਦਾਲਤ ਵਿੱਚ ਚੱਲ ਰਹੀ ਸੀ।ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਕੁਲਵੰਤ ਸਿੰਘ ਪੰਡੋਰੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ‘ਆਪ’ ਦੇ ਸਾਰੇ ਆਗੂਆਂ ਦੇ ਵਕੀਲ ਐਡਵੋਕੇਟ ਬੂਟਾ ਸਿੰਘ ਸੰਧੂ ਨੇ ਅਦਾਲਤ ਵਿੱਚ ਮੁਲਜ਼ਮਾਂ ਨੂੰ ਹਾਜ਼ਰੀ ਤੋਂ ਛੋਟ ਦੇਣ ਲਈ ਅਰਜ਼ੀ ਦਿੱਤੀ ਸੀ, ਪਰ ਜੱਜ ਬਗੀਚਾ ਸਿੰਘ ਨੇ ਇਹ ਕਹਿ ਕੇ ਇਹ ਅਰਜ਼ੀ ਰੱਦ ਕਰ ਦਿੱਤੀ ਕਿ ਸਾਰਿਆਂ ਦੀ ਗ਼ੈਰ-ਹਾਜ਼ਰੀ ਕਾਰਨ ਕੇਸ ਲਟਕ ਰਿਹਾ ਹੈ। ਇਸ ਤੋਂ ਬਾਅਦ ਅਦਾਲਤ ਨੇ ਸਾਰਿਆਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।ਅਦਾਲਤ ਨੇ ਸਾਰੇ ਮੁਲਜ਼ਮਾਂ ਦੀ ਜ਼ਮਾਨਤ ਲਈ ਅਰਜ਼ੀ ਦੇਣ ਵਾਲਿਆਂ ਨੂੰ ਵੀ ਨੋਟਿਸ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 9 ਸਤੰਬਰ ਨੂੰ ਹੋਵੇਗੀ।

