ਬਿਊਰੋ, ਪ੍ਰਾਈਮ ਪੋਸਟ ਪੰਜਾਬ
ਗੁਰਦਾਸਪੁਰ, 4 ਸਤੰਬਰ 2022 : ਜ਼ਿਲ੍ਹਾ ਗੁਰਦਾਸਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਅਗਨੀਵੀਰ ਦੀ ਭਰਤੀ ਦੌਰਾਨ ਦੌੜ ਲਗਾਉਂਦੇ ਸਮੇਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਸ਼ਵਨੀ ਕੁਮਾਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਅਸ਼ਵਨੀ ਕੁਮਾਰ ਜਦੋਂ ਲੰਬੀ ਦੌੜ ਲਗਾ ਰਿਹਾ ਸੀ ਤਾਂ ਉਹ ਬੇਹੋਸ਼ ਹੋ ਕੇ ਡਿੱਗ ਪਿਆ ਤੇ ਉਥੋਂ ਉਸ ਨੂੰ ਛਾਉਣੀ ਵਿਚਲੇ ਮਿਲਟਰੀ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ । ਅਸ਼ਵਨੀ ਕੁਮਾਰ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ। ਅਸ਼ਵਨੀ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਨਗਰੋਟਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਭੇਜਿਆ ਗਿਆ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਫੌਜ ਲਈ ਭਰਤੀ ਦੌਰਾਨ ਹੋ ਰਹੀ ਦੌੜ ਵਿਚ ਇਕ ਹੋਰ ਨੌਜਵਾਨ ਬੇਹੋਸ਼ ਹੋ ਗਿਆ ਸੀ ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਬੇਹੋਸ਼ ਨੌਜਵਾਨ ਦੀ ਪਛਾਣ ਰੋਹਿਤ ਪੁੱਤਰ ਜੰਗ ਬਹਾਦਰ ਵਾਸੀ ਪਿੰਡ ਚੰਡੀਗੜ੍ਹ ਵਜੋਂ ਹੋਈ ਹੈ। ਸਿਵਲ ਹਸਪਤਾਲ ‘ਚ ਇਲਾਜ ਅਧੀਨ ਨੌਜਵਾਨ ਦੀ ਹਾਲਤ ‘ਚ ਹੁਣ ਸੁਧਾਰ ਦੱਸਿਆ ਜਾ ਰਿਹਾ ਹੈ।
ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਐਸਡੀਐਮ ਅਮਨਦੀਪ ਕੌਰ ਨੇ ਸਿਵਲ ਹਸਪਤਾਲ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

