ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 8 ਸਤੰਬਰ 2022 : ਦਿਵਿਆਂਗ ਵਿਅਕਤੀਆਂ ਦੇ ਕਾਰਡ ਬਣਾਉਣ ਹਿਤ ਉਨ੍ਹਾਂ ਦੀ ਸ਼ਨਾਖ਼ਤ ਕਰਨ ਲਈ ਸਪੈਸ਼ਨ ਕੈਂਪਾਂ ਦਾ ਆਯੋਜਨ ਕੀਤਾ ਜਾਵੇ ਤਾਂ ਜੋ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਦਿਵਿਆਂਗ ਵਿਅਕਤੀ ਆਪਣੇ ਕਾਰਡ ਬਣਵਾ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਅੰਦਰ ਚੱਲ ਰਹੀ ਵੈਕਸੀਨੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਕੋਵਿਡ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸਮਾਂਬੱਧ ਢੰਗ ਨਾਲ ਵੈਕਸੀਨੇਸ਼ਨ ਦੀਆਂ ਸਾਰੀਆਂ ਖ਼ੁਰਾਕਾਂ ਲੈਣ ਲਈ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਜ਼ਿਲ੍ਹੇ ਅੰਦਰ ਡੇਂਗੂ ਮਲੇਰੀਆ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਆਦੇਸ਼ ਦਿੱਤੇ ਕਿ ਡੇਂਗੂ ਮਲੇਰੀਆ ਦੀ ਰੋਕਥਾਮ ਲਈ ਯੋਗ ਉਪਰਾਲੇ ਕੀਤੇ ਜਾਣ। ਨਿਰੰਤਰ ਚੈਕਿੰਗ ਅਤੇ ਫੌਗਿੰਗ ਲਾਜ਼ਮੀ ਕੀਤੀ ਜਾਵੇ ਅਤੇ ਕਿਸੇ ਪ੍ਰਕਾਰ ਦੀ ਅਣਗਹਿਲੀ ਮਿਲਣ ’ਤੇ ਚਲਾਣ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਵਿਚ ਆਉਣ ਵਾਲੇ ਮਰੀਜ਼ਾਂ ਬਾਰੇ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਕਵਰ ਹੋ ਚੁੱਕੇ ਲਾਭਪਾਤਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਵੱਖ ਵੱਖ ਕਮਿਸ਼ਨਾਂ ਪਾਸੋਂ ਪ੍ਰਾਪਤ ਲੰਬਿਤ ਪੱਤਰਾਂ ਬਾਰੇ ਕੰਪਲੇਂਟ ਰੀਡਰੈਸਲ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਗ਼ੈਰ ਕਾਨੂੰਨੀ ਮਾਈਨਿੰਗ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਅੰਦਰ ਕਿਤੇ ਵੀ ਗ਼ੈਰ ਕਾਨੂੰਨੀ ਮਾਈਨਿੰਗ ਨਹੀਂ ਹੋਣੀ ਚਾਹੀਦੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਕੂਲਾਂ ਵਿਚ ਆਉਣ ਵਾਲੀਆਂ ਵਰਦੀਆਂ ਅਤੇ ਕਿਤਾਬਾਂ ਨੂੰ ਸਮੇਂ ਸਿਰ ਵਿਦਿਆਰਥੀਆਂ ਵਿਚ ਵੰਡਣਾਂ ਯਕੀਨੀ ਬਣਾਇਆ ਜਾਵੇ। ਕੋਈ ਵੀ ਲੋੜਵੰਦ ਵਿਦਿਆਰਥੀ ਕਿਤਾਬਾਂ ਅਤੇ ਵਰਦੀਆਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਿੱਖਿਆ ਵਿਭਾਗ ਅਧੀਨ ਚੱਲ ਰਹੇ ਉਸਾਰੀ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਾਸੋਂ ਜ਼ਿਲ੍ਹੇ ਅੰਦਰ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮੁਫ਼ਤ ਵਿਚ ਮੁਹੱਈਆ ਕਰਵਾਈ ਜਾ ਰਹੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਵਿਚ ਲੋੜਵੰਦ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਈ ਜਾਵੇ। ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਲੋੜਵੰਦ ਵਿਦਿਆਰਥੀਆਂ ਦਾ ਡਾਟਾ ਗੂਗਲ ਸ਼ੀਟ ਵਿਚ ਭਰ ਕੇ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਮੁਫ਼ਤ ਕੋਚਿੰਗ ਦਾ ਲਾਭ ਮੁਹੱਈਆ ਕਰਵਾਇਆ ਜਾ ਸਕੇ।
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਪਾਸੋਂ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਪੁੱਛਿਆ। ਉਨ੍ਹਾਂ ਆਦੇਸ਼ ਦਿੱਤੇ ਕਿ ਨਕਲੀ ਬੀਜ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਦੀ ਸ਼ਨਾਖ਼ਤ ਲਈ ਟੀਮਾਂ ਬਣਾਈਆਂ ਜਾਣ। ਪਰਾਲੀ ਦੀ ਰਹਿੰਦ ਖ਼ੂੰਹਦ ਨੂੰ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਪਿੰਡ ਪੱਧਰ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ, ਐਸ.ਡੀ.ਐਮ. ਮਾਨਸਾ ਹਰਜਿੰਦਰ ਜੱਸਲ, ਮੈਡਮ ਤੁਸ਼ਿਤਾ ਗੁਲਾਟੀ (ਪੀ.ਸੀ.ਐਸ.), ਡੀ.ਐਸ.ਪੀ. ਬੂਟਾ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

