ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 9 ਸਤੰਬਰ 2022 : ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਲਈ ਪ੍ਰਾਪਤ ਹੋਈਆਂ ਗ੍ਰਾਂਟਾਂ ਸਬੰਧੀ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦ ਜਮ੍ਹਾ ਕਰਵਾਏ ਜਾਣ, ਤਾਂ ਜੋ ਉਸ ਸਬੰਧੀ ਰਿਪੋਰਟ ਮਿੱਥੇ ਸਮੇਂ ਅਨੁਸਾਰ ਭੇਜੀ ਜਾ ਸਕੇ।
ਮੀਟਿੰਗ ਦੌਰਾਨ ਉਨ੍ਹਾਂ ਪੇਂਡੂ ਵਿਕਾਸ ਅਧੀਨ ਚੱਲ ਰਹੇ ਸਮਾਰਟ ਵਿਲੇਜ਼ ਕੰਪੇਨ, ਪੰਜਾਬ ਨਿਰਮਾਣ ਪ੍ਰੋਗਰਾਮ (ਗ੍ਰਾਮੀਣ), ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ), ਮਗਨਰੇਗਾ ਅਤੇ ਲਾਲ ਲਕੀਰ ਅੰਦਰ ਰਕਬੇ ਅਤੇ ਸ਼ਹਿਰੀ ਖੇਤਰ ਵਿਚ ਵਾਟਰ ਸਪਲਾਈ, ਸ਼ਹਿਰੀ ਵਾਤਾਵਰਣ ਪ੍ਰੋਗਰਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ), ਝੁੱਗੀ ਝੌਂਪੜੀਆਂ ਦੇ ਵਸਨੀਕਾਂ ਦੇ ਮੁੜ ਵਸੇਬੇ, ਪ੍ਰੋਪਰਟੀ ਰਾਈਟਸ ਸਬੰਧੀ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਲਈ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕੀ ਦੁਰਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਉਹ ਲੋਕਾਂ ਨੂੰ ਜਾਗਰੂਕ ਕਰਨ ਕਿ ਪਸ਼ੂਆਂ ਨੂੰ ਸੜਕਾਂ ’ਤੇ ਚਾਰਾ ਆਦਿ ਨਾ ਪਾਉਣ। ਉਨ੍ਹਾਂ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਉਨ੍ਹਾਂ ਨੂੰ ਗਊਸ਼ਾਲਾਵਾਂ ਪਹੁੰਚਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ, ਤਾਂ ਜੋ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਚੰਗੀ ਜ਼ਿੰਦਗੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਨੂੰ ਪਸ਼ੂਆਂ ਦੇ ਨਿਯਮਿਤ ਟੀਕਾਕਰਨ ਸਬੰਧੀ ਸਪਲਾਈ, ਬਨਾਉਟੀ ਗਰਭਪਾਤ ਸੇਵਾਵਾਂ ਦੀ ਨਿਯਮਤ ਵਿਵਸਥਾ ਕਰਨ, ਗਊਸ਼ਾਲਾਵਾਂ ਸੰਚਾਲਨ ਅਤੇ ਦੇਖਭਾਲ ਦਾ ਖਿਆਲ ਰੱਖਣ ਅਤੇ ਆਵਾਰਾ ਪਸ਼ੂਆਂ ਦੇ ਸੁਚੱਜੇ ਪ੍ਰਬੰਧਨ ਕਰਨ ਦੇ ਨਿਰਦੇਸ਼ ਦਿੱਤੇ।
ਮਗਨਰੇਗਾ ਸਬੰਧੀ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੰਦਿਆਂ ਸਬੰਧਤ ਅਧਿਕਾਰੀ ਨੇ ਦੱਸਿਆ ਕਿ ਮਗਨਰੇਗਾ ਮਜ਼ਦੂਰਾਂ ਨੂੰ ਹੁਣ ਤੱਕ 6 ਲੱਖ 73 ਹਜ਼ਾਰ ਦਿਹਾੜੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਬਣਨ ਵਾਲੇ ਸਾਂਝੇ ਜਲ ਤਲਾਬਾਂ ਤਹਿਤ 41 ਜਲ ਤਲਾਬਾਂ ਦਾ ਕੰਮ ਚੱਲ ਰਿਹਾ ਹੈ ਅਤੇ 15 ਮੁਕੰਮਲ ਹੋ ਚੁੱਕੇ ਹਨ। ਇਸੇ ਤਰ੍ਹਾਂ ਜ਼ਿਲ੍ਹੇ ਅੰਦਰ ਬਣਨ ਵਾਲੇ 50 ਖੇਡ ਗਰਾਊਂਡਾ ਵਿੱਚੋਂ 41 ਪ੍ਰਗਤੀ ਅਧੀਨ ਹਨ। ਉਨ੍ਹਾਂ ਹਦਾਇਤ ਕੀਤੀ ਕਿ ਚੱਲ ਰਹੇ ਕੰਮਾਂ ਦੀ ਸਮੇਂ ਸਮੇਂ ਚੈਕਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਮਿੱਥੇ ਸਮੇਂ ਅੰਦਰ ਕੰਮ ਮੁਕੰਮਲ ਕਰਵਾਏ ਜਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਪਾਲ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮਗਨਰੇਗਾ ਮਨਦੀਪ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

