ਬਿਊਰੋ, ਪ੍ਰਾਈਮ ਪੋਸਟ ਪੰਜਾਬ
ਮੁਕਤਸਰ ਸਾਹਿਬ, 11 ਸਤੰਬਰ 2022 : ਮੁਕਤਸਰ ਸਾਹਿਬ ਦੇ ਇਕ ਸਕੂਲ ਵਿੱਚ ਸਫਾਈ ਵਿਵਸਥਾ ਸਹੀ ਨਾ ਹੋਣ ਕਾਰਨ ਪੁਲਿਸ ਵੱਲੋਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਤੇ ਪ੍ਰਿੰਸੀਪਲ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਕਤਸਰ ਦੇ ਲਿਟਲ ਫਲਾਵਰ ਕਾਨਵੈਂਟ ਸਕੂਲ ਵਿੱਚ ਬਾਥਰੂਮਾਂ ਦੀ ਸਫਾਈ ਨਾ ਹੋਣ ਅਤੇ ਪੀਣ ਲਈ ਸਾਫ ਪਾਣੀ ਮੁਹੱਈਆ ਨਾ ਕਰਾਉਣ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ।
ਏਐਸਆਈ ਜਗਤਾਰ ਸਿੰਘ ਵੱਲੋਂ ਦਰਜ ਕੀਤੇ ਗਏ ਮਾਮਲੇ ਅਨੁਸਾਰ ਉਨ੍ਹਾਂ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਸੀ ਕਿ ਲਿਟਲ ਫਲਾਵਰ ਕਾਨਵੈਂਟ ਦੇ ਅੰਦਰ ਅਤੇ ਬਾਹਰ ਸਫ਼ਾਈ ਦਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਹੈ। ਸਕੂਲ ਦੇ ਬਾਥਰੂਮਾਂ ਦੀ ਸਫ਼ਾਈ ਨਾ ਹੋਣ ਕਾਰਨ ਇਨ੍ਹਾਂ ਦਾ ਬੁਰਾ ਹਾਲ ਹੈ। ਬਾਥਰੂਮਾਂ ਦੀ ਨਿਯਮਤ ਸਫ਼ਾਈ ਨਹੀਂ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਬੱਚਿਆਂ ਨੂੰ ਪੀਣ ਲਈ ਸਾਫ਼ ਪਾਣੀ ਵੀ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ। ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਨਹੀਂ ਹੋ ਰਹੀ। ਸਫ਼ਾਈ ਨਾ ਹੋਣ ਕਾਰਨ ਬੁਰੀ ਹਾਲਤ ਵਿੱਚ ਹੈ। ਇਸ ਸਕੂਲ ਵਿੱਚ ਸ਼ਹਿਰ ਤੋਂ ਇਲਾਵਾ ਪਿੰਡਾਂ ਦੇ ਬੱਚੇ ਵੀ ਵੱਡੀ ਗਿਣਤੀ ਵਿੱਚ ਪੜ੍ਹਦੇ ਹਨ। ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀ ਸਿਹਤ ਦਾ ਵੀ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ, ਪਰ ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਵੱਲੋਂ ਲਾਪਰਵਾਹੀ ਵਰਤੀ ਜਾ ਰਹੀ ਹੈ। ਇਸ ਮਾੜੇ ਪ੍ਰਬੰਧਾਂ ਕਾਰਨ ਸਕੂਲ ਦੇ ਕਈ ਬੱਚੇ ਬਿਮਾਰ ਹੋ ਗਏ ਹਨ। ਸਕੂਲ ਵਿੱਚ ਭਿਆਨਕ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਇਸ ਕਾਰਨ ਆਸ-ਪਾਸ ਦੇ ਇਲਾਕੇ ਦੇ ਬੱਚਿਆਂ ਵਿੱਚ ਵੀ ਮਹਾਂਮਾਰੀ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਇਸ ਲਈ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਥਾਣਾ ਸਿਟੀ ਵਿੱਚ ਵੱਖ ਵੱਖ ਧਰਾਵਾਂ ਤਹਿਤ ਸਕੂਲ ਦੇ ਐਮਡੀ ਤੇ ਪ੍ਰਿੰਸੀਪਲ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਉੱਧਰ ਜਦੋਂ ਇਸ ਸੰਬੰਧੀ ਸਕੂਲ ਪ੍ਰਿੰਸੀਪਲ ਨਾਲ ਗੱਲ ਕੀਤੀ ਗਈ ਤਾਂ ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਵਿੱਚ ਸਾਫ ਸਫਾਈ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਹੀਂ ਪਤਾ ਇਹ ਗਲਤ ਮੈਸੇਜ ਕਿਸ ਨੇ ਫੈਲਾਇਆ ਹੈ।

