ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਹ ਪ੍ਰੈੱਸ ਕਾਨਫਰੰਸ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹੋਈਆਂ ਤਿੰਨ ਗ੍ਰਿਫ਼ਤਾਰੀਆਂ ਦੇ ਸਬੰਧ ਵਿੱਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ 35 ਮੁਲਜ਼ਮਾਂ ਦੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 23 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਰਜਿੰਦਰ ਜੋਕਰ ਨੇਪਾਲ ਵਿੱਚ ਰਹਿੰਦਾ ਸੀ। ਮੁੰਡੀ ਅਤੇ ਕਪਿਲ ਇਕੱਠੇ ਰਹਿ ਰਹੇ ਸਨ। ਉਨ੍ਹਾਂ ਨੂੰ ਨੇਪਾਲ ਦੇ ਰਸਤੇ ਦੁਬਈ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ।
ਉਨ੍ਹਾਂ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਨਿਸ਼ਾਨਾ ਬਣਾਉਣ ਲਈ ਸੰਪਤ ਨਹਿਰਾ ਰਾਹੀਂ ਕਪਿਲ ਨਾਲ ਸੰਪਰਕ ਕੀਤਾ ਸੀ। ਡੀਜੀਪੀ ਨੇ ਦੱਸਿਆ ਕਿ ਕੋਰੋਲਾ ਕਾਰ ਵਿੱਚ ਬੈਠਾ ਚੌਥਾ ਮੁਲਜ਼ਮ ਦੀਪਕ ਮੁੰਡੀ ਸੀ। ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।
ਇਸ ਪ੍ਰੈਸ ਕਾਨਫਰੰਸ ਵਿੱਚ ਡੀਜੀਪੀ ਗੌਰਵ ਯਾਦਵ ਦੇ ਨਾਲ ਏਡੀਜੀਪੀ ਪ੍ਰਮੋਦ ਬਾਨ, ਆਈਜੀਪੀ ਸੁਖਚੈਨ ਸਿੰਘ ਗਿੱਲ ਅਤੇ ਜੀਐਸ ਚੌਹਾਨ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

