ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 11 ਸਤੰਬਰ 2022 :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 18 ਖੇਡਾਂ ਦੇ ਜਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਨੇ ਦਿੱਤੀ।ਉਨਾਂ ਦੱਸਿਆ ਕਿ ਜਿਲ੍ਹੇ ਅੰਦਰ ਜਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ 2022 ਤੱਕ ਕਰਵਾਇਆ ਜਾ ਰਿਹਾ ਹੈ। ਖੇਡਾਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ), ਖੋਹ-ਖੋਹ ਤੇ ਰੱਸਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜਿਲ੍ਹਾ ਪੱਧਰ ਤੇ ਕੁਸ਼ਤੀ, ਬਾਸਕਿਟਬਾਲ, ਜੂਡੋ, ਗਤਕਾ, ਹਾਕੀ, ਬਾਕਸਿੰਗ, ਨੈਟਬਾਲ, ਕਿੱਕ ਬਾਕਸਿੰਗ, ਬੈਡਮਿੰਟਨ, ਰੋਲਰ ਸਕੇਟਿੰਗ, ਟੇਬਲ ਟੈਨਿਸ ਅਤੇ ਹੈਂਡਬਾਲ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਉਨਾਂ ਦੱਸਿਆ ਕਿ ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ। ਇਨਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।
ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ 2022 ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

