ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 12 ਸਤੰਬਰ 2022 :ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿੱਚ ਅੱਜ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ੁਰੂਆਤੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਕਰਵਾਇਆ। ਇਸ ਮੌਕੇ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਹਲਕਾ ਵਿਧਾਇਕ ਸਰਦੂਲਗੜ੍ਹ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ ਗਈ।

ਜ਼ਿਲ੍ਹਾ ਪੱਧਰੀ ਖੇਡਾਂ ਦੇ ਪਹਿਲੇ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੇਵਲ ਔਰਤਾਂ ਲਈ ਕੁਝ ਪ੍ਰਦਰਸ਼ਨੀ ਖੇਡਾਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਚਾਟੀ ਦੌੜ, ਸੂਈ-ਧਾਗਾ ਦੌੜ, ਨਿੰਬੂ-ਚੱਮਚ ਦੌੜ ਅਤੇ ਮਿਊਜ਼ਿਕਲ ਚੇਅਰ ਸ਼ਾਮਿਲ ਸਨ। ਇਨ੍ਹਾਂ ਖੇਡਾਂ ਵਿੱਚ ਹਰ ਉਮਰ ਵਰਗ ਦੀਆਂ ਔਰਤਾਂ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ।

ਪ੍ਰਦਰਸ਼ਨੀ ਖੇਡਾਂ ਦੇ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਖੇਡ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਨਿੰਬੂ-ਚੱਮਚ ਦੌੜ ਵਿੱਚ ਅੰਡਰ-40 ਉਮਰ ਵਰਗ ਵਿੱਚ ਸ਼ਿਖਾ ਰਾਣੀ ਨੇ ਪਹਿਲਾ, ਸੁਮਨਲਤਾ ਨੇ ਦੂਜਾ ਅਤੇ ਅਮਨਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ 40 ਸਾਲ ਤੋਂ ਵੱਧ ਉਮਰ ਵਰਗ ਵਿੱਚ ਚਰਨਜੀਤ ਕੌਰ ਅਤੇ ਵੀਰਪਾਲ ਕੌਰ ਨੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਨਿੰਬੂ-ਚੱਮਚ ਦੌੜ ਦੇ 21-40 ਸਾਲ ਉਮਰ ਵਰਗ ਦੇ ਮੁਕਾਬਲੇ ਵਿੱਚ ਰਵਲਜੀਤ ਕੌਰ ਪਹਿਲੇ ਅਤੇ ਰਜਨੀ ਰਾਣੀ ਦੂਜੇ ਸਥਾਨ ’ਤੇ ਰਹੇ।

ਇਸ ਤੋਂ ਇਲਾਵਾ ਚਾਟੀ ਰੇਸ ਵਿੱਚ ਜਰੀਨਾ, ਬਲਵਿੰਦਰ ਕੌਰ ਅਤੇ ਇੰਦਰਪਾਲ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਸੂਈ-ਧਾਗਾ ਦੌੜ ਵਿੱਚ ਅੰਡਰ-40 ਉਮਰ ਵਰਗ ਵਿੱਚ ਸਰੋਜ ਰਾਣੀ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਅਤੇ ਸੁਖਵਿੰਦਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-21 ਉਮਰ ਵਰਗ ਵਿੱਚ ਰੀਤਰਪਿੰਦਰ, ਸ਼ੁਸ਼ਮਾ ਤੇ ਨੂਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਮਿਊਜ਼ਿਕ ਚੇਅਰ ਗੇਮ ਵਿਚ ਕੁਲਦੀਪ ਕੌਰ ਨੇ ਪਹਿਲਾ, ਬਿੰਦਰ ਕੌਰ ਨੇ ਦੂਜਾ ਅਤੇ ਮਨਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌੇਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਸਰਦੂਲਗੜ੍ਹ ਮੈਡਮ ਪੂਨਮ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਬੀਰ ਸਿੰਘ, ਡਾ. ਰਣਜੀਤ ਸਿੰਘ ਰਾਏ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਮੌਜੂਦ ਸਨ।