ਬਿਊਰੋ, ਪ੍ਰਾਈਮ ਪੋਸਟ ਪੰਜਾਬ
ਹਰਿਆਣਾ ਤੇ ਰਾਜਸਥਾਨ ਨੇ ਆਪਣੇ ਪਸ਼ੂ ਪਾਲਣ ਮਹਿਕਮੇ ’ਚ ਵੈਟਰਨਰੀ ਇੰਸਪੈਕਟਰ ਭਰਤੀ ਕਰਨ ਲਈ ਬਾਹਰੀ ਭਰਤੀ ਉਤੇ ਰੋਕ ਲਾਈ ਹੋਈ ਹੈ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੂਬਿਆਂ ਦੇ ਨੌਜਵਾਨਾਂ ਨੂੰ ਖੁੱਲ੍ਹ ਦਿੱਤੀ ਗਈ ਹੈ।
ਪੰਜਾਬ ਸਰਕਾਰ ਨੇ 68 ਵੈਟਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ ਜਿਨ੍ਹਾਂ ਵਿਚੋਂ ਅੱਧੇ ਸੂਬੇ ਤੋਂ ਬਾਹਰਲੇ ਹਨ। ਇਨ੍ਹਾਂ 68 ਵਿਚੋਂ ਹਰਿਆਣਾ ਤੋਂ 23 ਤੇ ਰਾਜਸਥਾਨ ਤੋਂ 11 ਨਿਯੁਕਤੀਆਂ ਹਨ।
ਸੋਸ਼ਲ ਮੀਡੀਆ ਉਤੇ ਘੁੰਮ ਰਹੀ ਲਿਸਟ ਮੁਤਾਬਕ 34 ਪੰਜਾਬ ਤੋਂ ਤੇ 34 ਬਾਹਰ ਤੋਂ ਹਨ। ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਕ ਸਮਾਗਮ ਵਿਚ ਨਵ-ਨਿਯੁਕਤ 68 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।
ਵੇਰਵਿਆਂ ਅਨੁਸਾਰ ਇਨ੍ਹਾਂ 68 ਵੈਟਰਨਰੀ ਇੰਸਪੈਕਟਰਾਂ ਵਿਚੋਂ 34 ਵੈਟਰਨਰੀ ਇੰਸਪੈਕਟਰ ਹਰਿਆਣਾ ਅਤੇ ਰਾਜਸਥਾਨ ਦੇ ਵਾਸੀ ਹਨ। ਇਨ੍ਹਾਂ ਵਿੱਚ ਪੰਜਾਬ ਦੇ ਸਿਰਫ 34ਵੈਟਰਨਰੀ ਇੰਸਪੈਕਟਰ ਹਨ। ਪਸ਼ੂ ਪਾਲਣ ਵਿਭਾਗ ਨੇ 866 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਜੁਲਾਈ 2021 ਵਿਚ ਇਸ਼ਤਿਹਾਰ ਦਿੱਤਾ ਸੀ। ਹੁਣ ਤੱਕ 611 ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਹਾਲ ਹੀ ਵਿੱਚ ਦੋ ਪੜਾਵਾਂ ਵਿੱਚ 128 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਿਨ੍ਹਾਂ ਵਿਚ 60 ਵੈਟਰਨਰੀ ਇੰਸਪੈਕਟਰ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਹਨ।
ਇਸ ਤੋਂ ਪਹਿਲਾਂ ਪਾਵਰਕਾਮ ਵਿੱਚ ਦੂਸਰੇ ਸੂਬਿਆਂ ਦੇ ਨੌਜਵਾਨ ਭਰਤੀ ਹੋਣ ਵਿਚ ਕਾਮਯਾਬ ਹੋਏ ਹਨ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪਿਛਲੀਆਂ ਸਰਕਾਰਾਂ ਵਿੱਚ ਵਿਰੋਧੀ ਧਿਰ ਹੁੰਦੇ ਹੋਏ ਬਾਹਰੀ ਭਰਤੀ ਦਾ ਮੁੱਦਾ ਚੁੱਕਦੀ ਰਹੀ ਪਰ ਆਪਣੀ ਵਾਰੀ ਚੁੱਪ ਹੀ ਧਾਰੀ ਹੋਈ ਹੈ।




