ਸਿੱਖ ਕੌਮ ਨੂੰ ਦੋਫਾੜ ਕਰਨ ਵਾਲਿਆਂ ਨੂੰ ਇਤਿਹਾਸ ਕਦੇ ਮਾਫ ਨਹੀਂ ਕਰੇਗਾ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ 21 ਸਤੰਬਰ 2022 : ਖਾਲਸਾ ਪੰਥ ਨੇ ਲਾਮਿਸਾਲ ਕੁਰਬਾਨੀਆਂ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਸੀ । ਸਿੱਖਾਂ ਨੂੰ ਦੋਫਾੜ ਕਰਨ ਵਾਲਿਆਂ ਨੂੰ ਇਤਿਹਾਸ ਕਦੇ ਮਾਫ ਨਹੀਂ ਕਰੇਗਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਅਜਿਹਾ ਫੈਸਲਾ ਇਕ ਪਾਸੜ ਹੈ ਕਿਉਂਕਿ ਪੰਥ ਵਿਰੋਧੀ ਸ਼ਕਤੀਆਂ ਲੰਮੇ ਸਮੇਂ ਤੋਂ ਅਜਿਹੀਆਂ ਕੋਸਿਸ਼ਾਂ ਵਿੱਚ ਸਨ ਕਿ ਕਿਸੇ ਤਰੀਕੇ ਸਿੱਖ ਕੌਮ ਅੰਦਰ ਦੋਫਾੜ ਪੈਦਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏ ਜਾਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਰੱਦ ਕਰ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸਿੱਖ ਭਾਵਨਾਵਾਂ ਨੂੰ ਵੱਡੀ ਸੱਟੀ ਵੱਜੀ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਿੱਖ ਕੌਮ ਨੂੰ ਦੋਫਾੜ ਕਰਨ ਅਤੇ ਧੜਿਆਂ ਵਿੱਚ ਵੰਡਣ ਦੇ ਨਾਲ ਨਾਲ ਕੰਮਜ਼ੋਰ ਕਰਨ ਦੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸਿੱਖ ਕੌਮ ਵਿਰੋਧੀ ਸ਼ਕਤੀਆਂ ਦੇ ਇਨ੍ਹਾਂ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ ।
ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਦੋਫਾੜ ਕਰਨ ਲਈ ਕਾਂਗਰਸ ਵੀ ਲੰਮੇ ਸਮੇਂ ਤੋਂ ਚਾਲਾਂ ਚੱਲਦੀ ਆ ਰਹੀ ਸੀ, ਪ੍ਰੰਤੂ ਹੁਣ ਭਾਜਪਾ ਪੱਖੀਆਂ ਦਾ ਚਿਹਰਾ ਵੀ ਬੇਨਕਾਬ ਹੋਣ ਲੱਗ ਪਿਆ ਹੈ। ਜਥੇਦਾਰ ਪੰਜੋਲੀ ਨੇ ਕਿਹਾ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਵੱਜੋਂ ਸਮੁੱਚੀ ਮਾਨਵਤਾ ਕੋਲ ਗੁਰੂ ਸਾਹਿਬ ਦੇ ਫਲਸਫੇ ਨੂੰ ਪਹੁੰਚਾਉਣ ਦਾ ਕੰਮ ਕਰ ਰਹੀ ਹੈ ਅਤੇ ਧਰਮ ਦੇ ਪ੍ਰਚਾਰ ਪਸਾਰ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਸਮੁੱਚੀ ਮਾਨਵਤਾ ਨੂੰ ਜੋੜਨ ਅਤੇ ਸਰਬੱਤ ਦੇ ਭਲੇ ਲਈ ਹੈ, ਪ੍ਰੰਤੂ ਹੁਣ ਭਾਜਪਾ ਸਰਕਾਰ ਵੀ ਕਾਂਗਰਸ ਦੇ ਨਕਸ਼ੇ ਕਦਮਾਂ ’ਤੇ ਚੱਲਦੀ ਹੋਈ ਸਿੱਖਾਂ ਨੂੰ ਗਹਿਰੀ ਚੋਟ ਪਹੁੰਚਾ ਰਹੀ ਹੈ। ਭਾਜਪਾ ਵੱਲੋਂ ਚੱਲੀਆਂ ਜਾ ਰਹੀਆਂ ਚਾਲਾਂ ਦੇ ਖਿਲਾਫ਼ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਫੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਜਾ ਰਹੀ ਹੈ ਤਾਂ ਕਿ ਮਾੜੇ ਮਨਸੂਬੇ ਰੱਖਣ ਵਾਲੇ ਕਦੇ ਵੀ ਕਾਮਯਾਬ ਨਾ ਹੋ ਸਕਣ।
ਉਨ੍ਹਾਂ ਕਿਹਾ ਕਿ ਧਰਮ ਨਿਰਪੱਖ ਦੇਸ਼ ਵਿਚ ਘੱਟ ਗਿਣਤੀਆਂ ਖਿਲਾਫ਼ ਕੋਰਟ ਦੇ ਫੈਸਲੇ ਜਿਥੇ ਹੈਰਾਨੀਜਨਕ ਹਨ, ਉੱਥੇ ਹੀ ਸਰਕਾਰਾਂ ਦੇ ਸਿੱਧੇ ਰੂਪ ਵਿੱਚ ਦਖਲਅੰਦਾਜ਼ੀ ਨੂੰ ਵੀ ਦਰਸਾਉਂਦੇ ਹਨ। ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਨਸਾ ਦੇ ਪ੍ਰਧਾਨ ਰਘਵੀਰ ਸਿੰਘ ਮਾਨਸਾ ਇਸ ਤੋਂ ਇਲਾਵਾ ਸਮੂਹ ਸਿੱਖ ਸੰਗਤ ਹਾਜ਼ਰ ਸੀ ।

