ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ, 22 ਸਤੰਬਰ 2022 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ( HSGPC) ਨੂੰ ਗੁਰਦੁਆਰਿਆਂ ਦਾ ਪ੍ਰਬੰਧ ਲੈਣ ਲਈ ਕਬਜ਼ੇ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈਣ ਲਈ ਕੋਈ ਕਬਜ਼ਾ ਨੀਤੀ ਜਾਂ ਕਿਸੇ ਕਿਸਮ ਦੀ ਧੱਕੇਸ਼ਾਹੀ ਹੁੰਦੀ ਹੈ ਤਾਂ ਇਸਦੀ ਜਿੰਮੇਵਾਰ ਹਰਿਆਣਾ ਸਰਕਾਰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਪਿਛਲੇ ਦਿਨੀਂ HSPGC ਦੇ ਮਾਮਲੇ ਵਿੱਚ ਦਿੱਤੇ ਫੈਸਲੇ ਲਈ ਕਾਨੂੰਨੀ ਮਾਹਿਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਫੈਸਲੇ ਦਾ ਇਹ ਮਤਲਬ ਨਹੀਂ ਹੈ ਕਿ ਇਸ ਤੋਂ ਬਾਅਦ ਕੋਈ ਕਾਨੂੰਨੀ ਪੇਚ ਬਾਕੀ ਨਹੀਂ ਹੈ। ਇਸ ਮਾਮਲੇ ‘ਚ ਕਾਨੂੰਨੀ ਬਦਲਾਅ ਮੌਜੂਦ ਹਨ। ਜਿਸ ਤਹਿਤ ਸ਼੍ਰੋਮਣੀ ਕਮੇਟੀ ਸੁਪਰੀਮ ਕੋਰਟ ਦੇ ਅੰਦਰ ਰੀਵਿਊ ਪਟੀਸ਼ਨ ਪਾਉਣ ਜਾ ਰਹੀ ਹੈ। ਸਰਕਾਰੀ ਧੱਕੇ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ‘ਤੇ ਕਬਜ਼ਾ ਕਰਨ ਦੀ ਨੀਤੀ ਅਪਣਾਉਣੀ ਠੀਕ ਨਹੀਂ ਹੈ। ਉਨ੍ਹਾਂ ਨੂੰ ਜਾਣਕਾਰੀ ਮਿਲ ਰਹੀ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਇਸ ਨੀਤੀ ‘ਤੇ ਚੱਲ ਰਹੀ ਹੈ।ਪ੍ਰਧਾਨ ਧਾਮੀ ਨੇ ਕਿਹਾ ਕਿ ਸਿੱਖ ਕੌਮ ਨੂੰ ਤੋੜਨ, ਵੰਡਣ ਅਤੇ ਕਮਜ਼ੋਰ ਕਰਨ ਦੀਆਂ ਅਜਿਹੀਆਂ ਤਾਕਤਾਂ ਦੇ ਯਤਨਾਂ ਨੂੰ ਕੌਮ ਕਾਮਯਾਬ ਨਹੀਂ ਹੋਣ ਦੇਵੇਗੀ। ਸਰਕਾਰਾਂ ਨੂੰ ਸਿੱਖ ਮਸਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।