ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 23 ਸਤੰਬਰ 2022 : ਕਿ੍ਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਡਿਪਟੀ ਡਾਇਰੈਕਟਰ ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਬੱਪੀਆਣਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਕੈਂਪ ਦੀ ਸ਼ੁਰੂਆਤ ਵਿੱਚ ਇੰਜੀਨੀਅਰ ਅਲੋਕ ਗੁਪਤਾ ਨੇ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਅਤੇ ਉਪਲੱਬਧ ਮਸ਼ੀਨਰੀ ਤੇ ਤਕਨੀਕਾਂ ਰਾਹੀਂ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਕਿ੍ਰਸ਼ੀ ਵਿਗਿਆਨ ਕੇਂਦਰ ਵੱਲੋਂ ਮੁਹਿੰਮ ਰੂਪ ’ਚ ਪਰਾਲੀ ਪ੍ਰਬੰਧਨ ਬਾਬਤ ਜਾਗਰੂਕਤਾ ਕੈਂਪਾਂ, ਸਿਖਲਾਈ ਪ੍ਰੋਗਰਾਮਾਂ, ਪ੍ਰਦਰਸ਼ਨੀਆਂ, ਕੰਧਾਂ ’ਤੇ ਪੇਂਟਿੰਗਾਂ, ਹੋਰਡਿੰਗ ਤੇ ਖੇਤੀ ਸਾਹਿਤ ਰਾਹੀਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਕਿ੍ਸ਼ੀ ਵਿਗਿਆਨ ਕੇਂਦਰ ਵੱਲੋਂ ਡਾ. ਅਜੈ ਸਿੰਘ ਨੇ ਪਰਾਲੀ ਦੀ ਪਸ਼ੂਆਂ ਲਈ ਸੁਚੱਜੀ ਵਰਤੋਂ ਬਾਰੇ ਦੱਸਿਆ। ਇਸ ਤੋਂ ਇਲਾਵਾ ਡਾ. ਰਣਵੀਰ ਸਿੰਘ ਨੇ ਸਾਉਣੀ ਅਤੇ ਹਾੜ੍ਹੀ ਦੀ ਫ਼ਸਲ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।
ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਭੀਖੀ ਗੁਰਪ੍ਰੀਤ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਮਸ਼ੀਨਾਂ ’ਤੇ ਮਿਲ ਰਹੀ ਸਬਸਿਡੀ ਬਾਰੇ ਜਾਣਕਾਰੀ ਸਾਂਝੀ ਕੀਤੀ ।











