ਬਿਉੂਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 25 ਸਤੰਬਰ 2022 : ਪੰਜਾਬ ਦੇ ਕਿਸਾਨ 3 ਅਕਤੂਬਰ ਨੂੰ ਇੱਕ ਵਾਰ ਫਿਰ ਰੇਲਾਂ ਰੋਕਣਗੇ। ਰੇਲ ਸੇਵਾਵਾਂ 3 ਘੰਟੇ ਲਈ ਬੰਦ ਰਹਿਣਗੀਆਂ। ਕਿਸਾਨਾਂ ਦਾ ਇਹ ਰੋਸ ਕੇਂਦਰ ਸਰਕਾਰ ਵੱਲੋਂ ਬਿਜਲੀ ਵੰਡ 2022 ਦੇ ਜਾਰੀ ਕੀਤੇ ਨੋਟੀਫਿਕੇਸ਼ਨ ਵਿਰੁੱਧ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਹੁਣ ਬਿਜਲੀ ਦੇਣ ਦਾ ਕੰਮ ਪ੍ਰਾਈਵੇਟ ਵੱਡੇ ਘਰਾਣਿਆਂ ਨੂੰ ਸੌਂਪਣ ਜਾ ਰਹੀ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਕੰਪਨੀਆਂ ਬਿਜਲੀ ਵੰਡਣਗੀਆਂ। ਬਿਜਲੀ ਦੀ ਵੰਡ ਦਾ ਅਧਿਕਾਰ ਸੂਬਾ ਸਰਕਾਰਾਂ ਦਾ ਹੈ ਪਰ ਕੇਂਦਰ ਸਰਕਾਰ ਇਹ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਨੂੰ ਵੀ ਆਪਣੇ ਹੱਥਾਂ ਵਿੱਚ ਲੈ ਕੇ ਨਿੱਜੀ ਘਰਾਣਿਆਂ ਨੂੰ ਦੇ ਰਹੀ ਹੈ।ਕਿਸਾਨ ਇਸ ਗੱਲੋਂ ਹੈਰਾਨ ਹਨ ਕਿ ਸੂਬਾ ਸਰਕਾਰਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ ਤੇ ਸਰਕਾਰ ਕੁਝ ਨਹੀਂ ਕਹਿ ਰਹੀ। ਇਹੀ ਕਾਰਨ ਹੈ ਕਿ ਕਿਸਾਨਾਂ ਨੇ ਇਸ ਨੋਟੀਫਿਕੇਸ਼ਨ ਵਿਰੁੱਧ 3 ਅਕਤੂਬਰ ਨੂੰ 3 ਘੰਟੇ ਲਈ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਨੋਟੀਫਿਕੇਸ਼ਨ ਵਾਪਸ ਲੈਣ ਦੀ ਮੰਗ ਕਰਦਿਆਂ ਸਖ਼ਤ ਚਿਤਾਵਨੀ ਦਿੱਤੀ ਹੈ।

