ਯੋਗ ਲਾਭਪਾਤਰੀ ਸਰਕਾਰੀ ਵਿੱਤੀ ਸਕੀਮਾਂ ਦਾ ਲਾਭ ਜ਼ਰੂਰ ਲੈਣ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 25 ਸਤੰਬਰ 2022 : ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਸਮੇਂ-ਸਮੇਂ ’ਤੇ ਸਕੀਮਾਂ ਚਲਾਈਆਂ ਜਾਂਦੀਆਂ ਹਨ, ਜਿਸ ਤਹਿਤ ਬਜ਼ੁਰਗਾਂ, ਵਿਧਵਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਬਿਹਤਰ ਜਿੰਦਗੀ ਜਿਉਣ ਲਈ ਪੰਜਾਬ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਪੈਨਸ਼ਨਾ ਤਹਿਤ ਜ਼ਿਲ੍ਹੇ ਦੇ 1 ਲੱਖ ਤੋਂ ਵਧੇਰੇ ਲਾਭਪਾਤਰੀਆਂ ਨੂੰ 31 ਅਗਸਤ 2022 ਤੱਕ ਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਕਰ ਦਿੱਤੀ ਗਈ ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਅਤੇ ਦਿਵਯਾਂਗ ਵਿਅਕਤੀਆਂ ਨੂੰ 1500/- ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਜੋ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਭੇਜੀ ਜਾਂਦੀ ਹੈੇ ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਬੁਢਾਪਾ ਪੈਨਸ਼ਨ ਦੇ ਕੁੱਲ 68912 ਲਾਭਪਾਤਰੀ ਹਨ। ਇਸੇ ਤਰ੍ਹਾਂ ਵਿਧਵਾ ਅਤੇ ਨਿਆਸ਼ਰਿਤ ਪੈਨਸ਼ਨ ਲਾਭਪਾਤਰੀਆਂ ਦੀ ਕੁੱਲ ਗਿਣਤੀ 17379 ਹੈ। ਉਨ੍ਹਾਂ ਦੱਸਿਆ ਕਿ ਆਸ਼ਰਿਤ ਪੈਨਸ਼ਨ ਅਧੀਨ ਲਾਭਪਾਤਰੀਆਂ ਦੀ ਗਿਣਤੀ 6830 ਅਤੇ ਅਪੰਗ ਪੈਨਸ਼ਨ ਦਾ ਲਾਭ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਦੀ ਕੁੱਲ ਗਿਣਤੀ 9167 ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ ਕੁੱਲ 102288 ਲਾਭਪਾਤਰੀਆਂ ਨੂੰ 1500/- ਰੁਪਏ ਮਹੀਨਾ ਦੇ ਹਿਸਾਬ ਨਾਲ 15 ਕਰੋੜ 34 ਲੱਖ 32 ਹਜ਼ਾਰ ਰੁਪਏ ਦੀ ਰਕਮ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਯੋਗ ਲਾਭਪਾਤਰੀ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਅਤੇ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਦੇ ਕਮਰਾ ਨੰਬਰ 12, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਜਾਂ ਦਫ਼ਤਰ ਦੇ ਫੋਨ ਨੰਬਰ 01652-232869 ’ਤੇ ਦਫ਼ਤਰੀ ਕੰਮ-ਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

