ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸਮਾਨਤਾ ਵਾਲੇ ਸਮਾਜ ਦੇ ਸਿਧਾਂਤ ‘ਤੇ ਆਧਾਰਿਤ ਵਿਚਾਰਧਾਰਾ ਤੋਂ ਹਰ ਵਰਗ ਦੇ ਲੋਕਾਂ ਨੂੰ ਪ੍ਰੇਰਣਾ ਲੈਣ ਦੀ ਲੋੜ
ਸ਼ਹੀਦ ਭਗਤ ਸਿੰਘ ਜੀ ਯਾਦ ਨੂੰ ਸਮਰਪਿਤ ਗੁਰਦਵਾਰਾ ਚੌਂਕ ਤੋਂ ਲੈ ਕੇ ਭਗਤ ਸਿੰਘ ਚੌਂਕ ਤੱਕ ਕੱਢੇ ਜਾਣ ਵਾਲੇ ਕੈਂਡਲ ਮਾਰਚ ’ਚ ਲੋਕਾਂ ਨੂੰ ਵੱਧ ਤੋਂ ਵੱਧ ਸਮੂਲੀਅਤ ਕਰਨ ਦਾ ਸੱਦਾ ਦਿੱਤਾ
ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਰਹਿੰਦੀ ਦੁਨੀਆ ਤੱਕ ਭੁਲਾਇਆ ਨਹੀ ਜਾ ਸਕਦਾ : ਡਿਪਟੀ ਕਮਿਸ਼ਨਰ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ 28, ਸਤੰਬਰ 2022 : ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਰਹਿੰਦੀ ਦੁਨੀਆ ਤੱਕ ਭੁਲਾਇਆ ਨਹੀ ਜਾ ਸਕਦਾ ਜਿਨ੍ਹਾਂ ਦੀ ਬਦੌਲਤ ਅਸੀ ਆਜ਼ਾਦ ਫਿਜ਼ਾ ਵਿੱਚ ਸ਼ਾਹ ਲੈ ਰਹੇ ਹਾਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਸ਼ਹੀਦੇ ਆਜ਼ਾਮ ਸ੍ਰ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਸਥਾਨਕ ਬੱਚਤ ਭਵਨ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ (ਪੰਜਾਬ) ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਜਿਲ੍ਹਿਆਂ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਉਣ ਦਾ ਕੀਤਾ ਫੈਸਲਾ ਸਾਡੀ ਨੌਜਵਾਨ ਪੀੜ੍ਹੀ ਨੂੰ ਜਿੱਥੇ ਸ਼ਹੀਦ ਭਗਤ ਸਿੰਘ ਜੀ ਦੀ ਸਾਹਿਤਕ ਰਚਨਾਵਾਂ ਨਾਲ ਜੁੜਨ ਦਾ ਸੱਦਾ ਦੇਵੇਗਾ, ਉਥੇ ਦੇਸ਼ ਦੀ ਆਨ ਅਤੇ ਸ਼ਾਨ ਲਈ ਮੋਹਰੀ ਰੋਲ ਨਿਭਾਉਣ ਲਈ ਪ੍ਰੇਰਿਤ ਕਰੇਗਾ।
ਬਲਦੀਪ ਕੌਰ ਨੇ ਕਿਹਾ ਕਿ ਸ੍ਰ. ਭਗਤ ਸਿੰਘ ਦੀ ਵਿਚਾਰਧਾਰਾ ਸਮਾਨਤਾ ਵਾਲੇ ਸਮਾਜ ਦੇ ਸਿਧਾਂਤ ‘ਤੇ ਆਧਾਰਿਤ ਸੀ ਜਿਸਤੋਂ ਸਾਨੂੰੰ ਪ੍ਰੇਰਣਾ ਲੈਣ ਦੀ ਲੋੜ ਹੈ। ਉਨ੍ਹਾਂ ਸ਼ਹੀਦ ਭਗਤ ਜੀ ਨੂੰ ਸਿੱਜਦਾ ਕਰਦਿਆਂ ਲੋਕਾਂ ਨੂੰ ਆਪਸੀ ਪਿਆਰ, ਜਾਤ=ਪਾਤ, ਧਰਮ ਨਸਲ ਤੋਂ ਉੱਤੇ ਉੱਠ ਕੇ ਜਿੰਦਗੀ ਜਿਊਣ ਦਾ ਸੁਨੇਹਾ ਦਿੱਤਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ਼ਾਮ ਨੂੰ 7.30 ਵਜੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਗਤ ਸਿੰਘ ਚੌਂਕ ਤੋਂ ਲੈ ਕੇ ਗੁਰਦੁਵਾਰਾ ਚੌਂਕ ਤੱਕ ਨਿਕਲਣ ਵਾਲੇ ਕੈਂਡਲ ਮਾਰਚ ’ਚ ਵੱਧ ਤੋਂ ਵੱਧ ਸਮੂਲੀਅਤ ਕਰਨ ਦਾ ਸੱਦਾ ਦਿੱਤਾ।

ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਵੱਲੋਂ ਵੀਡੀਓ ਮੈਸੇਜ ਰਾਹੀ ਸ਼ਹੀਦਾਂ ਦੀ ਸੋਚ ’ਤੇ ਚਲਣ ਦਾ ਸੂਬਾ ਵਾਸੀਆਂ ਨੂੰ ਅਹਿਦ ਚੁਕਾਇਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦ ਭਗਤ ਸਿੰਘ ਜੀ ਨੂੰ ਸਲਾਮੀ ਵੀ ਦਿੱਤੀ ਗਈ। ਸਕੂਲੀ ਵਿਦਿਆਰਥਣਾਂ ਪੂਜਾ ਅਤੇ ਨਿਧਾ ਨੇ ਦੇਸ਼ ਭਗਤੀ ’ਤੇ ਆਧਾਰਿਤ ਗੀਤਾਂ ਦੀ ਪੇਸ਼ਕਾਰੀ ਕੀਤੀ। ਭਗਤ ਸਿੰਘ ਜੀ ਦੇ ਜੀਵਨ ਤੇ ਆਧਾਰਿਤ ਵੱਖ-ਵੱਖ ਸਕੂਲਾਂ ਵਿੱਚ ਹੋਏ ਲੇਖ, ਭਾਸ਼ਣ, ਪੇਟਿੰਗ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਸੁਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ, ਅਮਨਦੀਪ ਕੌਰ ਸਰਕਾਰੀ ਹਾਈ ਸਕੂਲ ਅਹਿਮਦਪੁਰ ਅਤੇ ਖੁਸ਼ਕਰਨ ਸਿੰਘ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਸਰਕਾਰੀ ਕੰਨਿਆ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਨੇ ਤਿੰਨਕੋਨੀ ਤੋਂ ਬੱਚਤ ਭਵਨ ਤੱਕ ਹਾਫ ਮੈਰਾਥਨ ਰੇਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਭਗਤ ਸਿੰਘ ਚੌਂਕ ਤੋਂ ਗੁਰਦਵਾਰਾ ਚੌਂਕ ਤੱਕ ਕੱਢੀ ਸਾਇਕਲ ਰੈਲੀ ਨੂੰ ਵੀ ਰਵਾਨਾ ਕੀਤਾ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ਤੇ ਹਾਰ ਪਾ ਕੇ ਸਿੱਜਦਾ ਕੀਤਾ।

ਇਸ ਮੌਕੇ ਐਸਐਸਪੀ ਗੌਰਵ ਤੁੂਰਾ, ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚਰਨਜੀਤ ਸਿੰਘ ਅੱਕਾਵਾਲੀ, ਸੀਨੀਅਰ ਆਪ ਆਗੂ ਗੁਰਪ੍ਰੀਤ ਸਿੰਘ ਭੁੱਚਰ, ਕਮਲ ਗੋਇਲ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਤੁਸ਼ਿਤਾ ਗੁਲਾਟੀ ਸਹਾਇਕ ਕਮਿਸ਼ਨਰ (ਸਿਕਾਇਤਾਂ) ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਸਿੰਗਲਾ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਰਘਬੀਰ ਸਿੰਘ ਮਾਨ, ਬਲਵਿੰਦਰ ਸਿੰਘ ਬੁਢਲਾਡਾ, ਕਾਰਜ਼ਕਾਰੀ ਜ਼ਿਲ੍ਹਾ ਖੇਡ ਅਫ਼ਸਰ ਗੁਰਮੀਤ ਸਿੰਘ, ਸਾਇਕਲ ਗਰੁੱਪ ਦੇ ਮੈਂਬਰ ਸੰਜੀਵ ਪਿੰਕਾ ਸਮੇਤ ਹੋਰ ਅਧਿਕਾਰੀ ਅਤੇ ਆਗੂ ਹਾਜਰ ਸਨ।

