ਬਿਊਰੋ, ਪ੍ਰਾਈਮ ਪੋਸਟ ਪੰਜਾਬ
ਲੁਧਿਆਣਾ : ਲੁਧਿਆਣਾ ਦੇ ਪ੍ਰੇਮ ਨਗਰ ਇਲਾਕੇ ‘ਚ ਬੀਤੀ ਦੇਰ ਰਾਤ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਇਕ ਪੁਲਿਸ ਮੁਲਾਜ਼ਮ ਨੇ ਇਕ ਲੜਕੀ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ‘ਚ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮਨਦੀਪ ਕੌਰ ਵਜੋਂ ਹੋਈ ਹੈ, ਜੋ ਪੁਲਿਸ ਮੁਲਾਜ਼ਮ ਦੀ ਪ੍ਰੇਮਿਕਾ ਸੀ।
ਜਾਣਕਾਰੀ ਮੁਤਾਬਕ ਦੋਵੇਂ ਪ੍ਰੇਮ ਨਗਰ ਸਥਿਤ ਗੈਸਟ ਹਾਊਸ ‘ਚ ਲਿਵਿੰਗ ਰਿਲੇਸ਼ਨ ‘ਚ ਰਹਿੰਦੇ ਸਨ। ਕੱਲ੍ਹ ਮਨਦੀਪ ਕੌਰ ਦਾ ਜਨਮ ਦਿਨ ਸੀ ਅਤੇ ਮੋਬਾਈਲ ਤੋਹਫ਼ੇ ਨੂੰ ਲੈ ਕੇ ਦੋਵਾਂ ਵਿੱਚ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਦੇਰ ਰਾਤ ਸੁਖਵਿੰਦਰ ਸਿੰਘ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪ੍ਰੇਮਿਕਾ ਨੂੰ ਗੋਲੀ ਮਾਰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮੌਕੇ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

