ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 18 ਅਕਤੂਬਰ 2022 : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਅਰਵਿੰਦ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂ ਮੁਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੀ ਤੁਲਨਾ ਸ਼ਹੀਦ ਏ ਅਜ਼ਾਮ ਭਗਤ ਸਿੰਘ ਨਾਲ ਕੀਤੇ ਜਾਣ ਤੇ ਆੜੇ ਹੱਥੀਂ ਲੈਦਿਆਂ ਕਿਹਾ ਕਿ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਮਾਮਲਿਆਂ ਵਿੱਚ ਫਸੇ ਆਪਣੇ ਚਹੇਤੇ ਆਗੂਆਂ ਦੀ ਤੁਲਨਾ ਦੇਸ਼ ਲਈ ਕੁਰਬਾਨ ਹੋਣ ਵਾਲੇ ਸ. ਭਗਤ ਸਿੰਘ ਨਾਲ ਕਰਕੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ।
ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇਸ ਗੁਸਤਾਖੀ ਲਈ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣ ਨਹੀਂ ਤਾਂ ਇਸਦਾ ਖਮਿਆਜਾ ਭੁਗਤਣ ਲਈ ਤਿਆਰ ਰਹਿਣ।ਬੀਬੀ ਗੁਲਸ਼ਨ ਨੇ ਕਿਹਾ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਈਡੀ ਵੱਲੋਂ ਮਨੀ ਲਾਡਰਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹਨਾਂ ਨੂੰ ਸੁਪਰੀਮ ਕੋਰਟ ਨੇ ਵੀ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਇਸ ਤੋਂ ਇਲਾਵਾ ਦਿੱਲੀ ਦੇ ਸਿੱਖਿਆਂ ਮੰਤਰੀ ਮੁਨੀਸ਼ ਸਿਸੋਦੀਆ ਤੇ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਵੱਡੇ ਦੋਸ਼ ਲੱਗ ਚੁੱਕੇ ਹਨ ਅਤੇ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀਬੀਆਈ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਮਾਨਸਿਕ ਸੰਤੁਲਨ ਪੂਰੀ ਤਰ੍ਹਾਂ ਤੋਂ ਵਿਗੜ ਗਿਆ ਹੈ।ਜੋ ਅਜਿਹੇ ਕਿਰਦਾਰ ਦੇ ਲੋਕਾਂ ਦਾ ਮੁਕਾਬਲਾ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਯੋਧਿਆਂ ਨਾਲ ਕਰ ਰਹੇ ਹਨ। ਉਹਨਾਂ ਆਖਿਆ ਕਿ ਕੇਜਰੀਵਾਲ ਦਿਨ ਰਾਤ ਪ੍ਰਧਾਨ ਮੰਤਰੀ ਬਣ ਦੇ ਸੁਪਨੇ ਲੈ ਰਹੇ ਹਨ ਅਤੇ ਪਹਿਲਾ ਉਹਨਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਅਤੇ ਹੁਣ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀ ਆਪਣੇ ਨਿੱਜੀ ਹਿੱਤਾਂ ਲਈ ਨਹੀਂ ਸਗੋਂ ਦੇਸ਼ ਨੂੰ ਅਜਾਦ ਕਰਾਉਣ ਲਈ ਕੁਰਬਾਨ ਹੋਏ ਸਨ ਜਦੋਂ ਕਿ ਮੁਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਹੱਥ ਭ੍ਰਿਸ਼ਟਾਚਾਰ ਵਿੱਚ ਫਸੇ ਹੋਏ ਹਨ।

