ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ: ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਹਿਮਾਚਲ ਫੇਰੀ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਹਿਮਾਚਲ ਫੇਰੀ ਦੌਰਾਨ ਬਾਜਵਾ ਦੀਆਂ ਹੈਲੀਕਾਪਟਰ ਨਾਲ ਕੁਝ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਨਿਸ਼ਾਨਾ ਸਾਧਿਆ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਬਾਜਵਾ ਵੱਲੋਂ ਸਿਰਫ਼ ਚੋਣ ਪ੍ਰਚਾਰ ਲਈ ਹੈਲੀਕਾਪਟਰ ਦੀ ਵਰਤੋਂ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ ਕਿ ਇੰਨਾ ਪੈਸਾ ਕਿੱਥੋਂ ਆਇਆ। ਬਾਜਵਾ ਦੇ ਨਾਲ-ਨਾਲ ਆਮ ਆਦਮੀ ਪਾਰਟੀ ਨੇ ਕਾਂਗਰਸ ‘ਤੇ ਵੀ ਨਿਸ਼ਾਨਾ ਸਾਧਿਆ ਹੈ।
ਜ਼ਿਕਰਯੋਗ ਹੈ ਕਿ ਅਗਲੇ ਮਹੀਨੇ ਹਿਮਾਚਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਲਈ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਇਸ ਦੇ ਮੱਦੇਨਜ਼ਰ ਪ੍ਰਤਾਪ ਬਾਜਵਾ ਚੋਣ ਪ੍ਰਚਾਰ ਵਿਚ ਹਿੱਸਾ ਲੈਣ ਹਿਮਾਚਲ ਗਏ ਸਨ। ਜਿਸ ਦੌਰਾਨ ਹੈਲੀਕਾਪਟਰ ਨਾਲ ਬਾਜਵਾ ਦੀਆਂ ਕੁਝ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਮਾਮਲਾ ਭਖ ਗਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਦੂਜਿਆਂ ‘ਤੇ ਸਵਾਲ ਚੁੱਕ ਕੇ ਘੁੰਮਣ ਵਾਲੇ ਬਾਜਵਾ ਅੱਜ ਖੁਦ ਵਿਵਾਦਾਂ ‘ਚ ਘਿਰੇ ਹੋਏ ਹਨ। ਸਿਰਫ਼ ਚੋਣ ਪ੍ਰਚਾਰ ਲਈ ਹੈਲੀਕਾਪਟਰ ਦੀ ਵਰਤੋਂ ਕਈ ਤਰ੍ਹਾਂ ਨਾਲ ਸਵਾਲ ਖੜ੍ਹੇ ਕਰ ਰਹੀ ਹੈ।

