ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 31 ਅਕਤੂਬਰ 2022 : ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਦੇਣ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਨ ਅਤੇ ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕਰਨ ਦੇ ਉਦੇਸ਼ਾਂ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ, ਜਿਸ ਤਹਿਤ ਹਰ ਤੀਸਰੇ ਮਹੀਨੇ ਕੌਮੀ ਲੋਕ ਅਦਾਲਤ ਦਾ ਆਯੋਜਨ ਪੰਜਾਬ ਅਤੇ ਹਰਿਆਣਾ ਵਿੱਚ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ 12 ਨਵੰਬਰ 2022 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਸਫਲ ਕਰਨ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਲਗਾਤਾਰ ਕੋਸ਼ਿਸਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਗਾਤਾਰ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਅਦਾਲਤ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਪੈਨਲ ਐਡਵੋਕਟਾਂ, ਬੈਂਕ ਅਧਿਕਾਰੀਆਂ, ਬੀਮਾ ਕੰਪਨੀਆਂ, ਥਾਣਿਆਂ ਦੇ ਮੁਖੀਆਂ, ਸਰਪੰਚ ਸਾਹਿਬਾਨਾਂ, ਐਮ.ਸੀਜ਼, ਬਾਰ ਐਸੋਸ਼ੀਏਸ਼ਨ ਮਾਨਸਾ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਅਹੁਦੇਦਾਰਾਂ, ਸੀਨੀਅਰ ਸਿਟੀਜ਼ਨਾਂ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਪੂਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ।
ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਲੋਕ ਅਦਾਲਤ ਵਿੱਚ ਇੱਕ ਦਰਖ਼ਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ।

