ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ, 4 ਨਵੰਬਰ 2022 : ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਚੋਣਾਂ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ‘ਤੇ ਮੋਹਰ ਲਗਾਈ ਹੈ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਦੀ ਜਾਣਕਾਰੀ ਸਾਂਝੀ ਕੀਤੀ ਹੈ। ਦਲਜੀਤ ਸਿੰਘ ਚੀਮਾ ਨੇ ਟਵੀਟ ਵਿੱਚ ਜਾਣਕਾਰੀ ਦਿੱਤੀ ਹੈ ਕਿ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਚੁਣਿਆ ਹੈ। ਪਾਰਟੀ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਐਡਵੋਕੇਟ ਹਰਜਿੰਦਰ ਧਾਮੀ ਦਾ ਨਾਂ ਤੈਅ ਕੀਤਾ ਗਿਆ ਹੈ।
ਦੂਜੇ ਪਾਸੇ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੇ ਫੈਸਲੇ ਵਿਰੁੱਧ ਉਮੀਦਵਾਰ ਵਜੋਂ ਖੜ੍ਹੇ ਹੋਣ ਦਾ ਐਲਾਨ ਕੀਤਾ ਹੈ। ਦਬਾਅ ਦੇ ਬਾਵਜੂਦ ਉਸਨੇ ਆਪਣਾ ਫੈਸਲਾ ਨਹੀਂ ਬਦਲਿਆ। ਅਕਾਲੀ ਦਲ ਲਈ ਬੀਬੀ ਜਗੀਰ ਚੁਣੌਤੀ ਬਣ ਗਈ ਹੈ ਅਤੇ ਲਗਾਤਾਰ ਮੈਂਬਰਾਂ ਨਾਲ ਮੀਟਿੰਗਾਂ ਕਰ ਰਹੀ ਹੈ।ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਇਜਲਾਸ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ।

