ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 8 ਨਵੰਬਰ 2022 : ਮਾਨਸਾ ਦੇ ਪਿੰਡ ਬਰ੍ਹੇ ਵਿੱਚ ਅਣਪਛਾਤਿਆਂ ਵੱਲੋਂ ਨੌਜਵਾਨ ਜਗਤਾਰ ਸਿੰਘ ਉਰਫ ਤਾਰੀ ਪੁੱਤਰ ਜੋਰਾ ਸਿੰਘ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਭਰਾ ਬਲਕਾਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਕੁਝ ਵਿਅਕਤੀਆਂ ਨੇ ਜਗਤਾਰ ਸਿੰਘ ਨੂੰ ਆਵਾਜ਼ ਮਾਰ ਕੇ ਘਰ ਦੇ ਦਰਵਾਜ਼ੇ ’ਤੇ ਸੱਦਿਆ ਤੇ ਉਸ ਉੱਪਰ ਕਿਰਪਾਨਾਂ ਨਾਲ ਹਮਲਾ ਕਰ ਕੇ ਫਰਾਰ ਹੋ ਗਏ। ਇਸ ਹਮਲੇ ਵਿੱਚ ਜਗਤਾਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਬੁਢਲਾਡਾ ਵਿੱਚ ਦਾਖ਼ਲ ਕਰਵਾਇਆ, ਜਿੱਥੋਂ ਉਸ ਨੂੰ ਪਟਿਆਲਾ ਦੇ ਇਕ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਬਲਕਾਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦਾ ਸਹੁਰਿਆਂ ਨਾਲ ਝਗੜਾ ਚੱਲ ਰਿਹਾ ਸੀ ਅਤੇ ਜਗਤਾਰ ਸਿੰਘ ਦੀ ਪਤਨੀ ਦੋ ਬੱਚਿਆਂ ਸਣੇ ਆਪਣੇ ਪੇਕੇ ਘਰ ਰਹਿ ਰਹੀ ਸੀ। ਥਾਣਾ ਬੋਹਾ ਦੇ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

