ਬਿਊਰੋ, ਪ੍ਰਾਈਮ ਪੋਸਟ ਪੰਜਾਬ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬੇ ਵਿੱਚ ਮੁਸ਼ਤਰਕਾ ਮਾਲਕੀਅਤ ਵਾਲੀਆਂ ਜ਼ਮੀਨਾਂ ਕਿਸਾਨਾਂ ਤੇ ਮਜ਼ਦੂਰਾਂ ਕੋਲੋਂ ਜਬਰੀ ਖੋਹ ਕੇ ਪੰਚਾਇਤਾਂ ਨੂੰ ਦੇਣ ਦੀ ਕਾਰਵਾਈ ਗੈਰ-ਸੰਵਿਧਾਨਕ ਕਰਾਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਅਜਿਹਾ ਫ਼ੈਸਲਾ ਸੂਬੇ ਅੰਦਰ ਉਥਲ-ਪੁਥਲ ਵਾਲਾ ਮਾਹੌਲ ਪੈਦਾ ਕਰ ਦੇਵੇਗਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਨੂੰ ਅਦਾਲਤਾਂ ਅਤੇ ਕਾਨੂੰਨਦਾਨਾਂ ਦੇ ਚੱਕਰਾਂ ਵਿੱਚ ਫਸਾਏਗਾ, ਉੱਥੇ ਹੀ ਸੂਬੇ ਅੰਦਰ ਲੜਾਈ-ਝਗੜਿਆਂ ਵਾਲੇ ਮਾਹੌਲ ਨੂੰ ਵੀ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਪਹਿਲਾਂ ਹੀ ਕਾਨੂੰਨ ਵਿਵਸਥਾ ਦੀ ਹਾਲਤ ਤਰਸਯੋਗ ਹੈ ਤੇ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਅੰਦਰ ਆਰਜਕਤਾ ਤੇ ਅਨਿਸ਼ਚਿਤਤਾ ਦੇ ਮਾਹੌਲ ਨੂੰ ਹੋਰ ਹੁਲਾਰਾ ਮਿਲੇਗਾ।

