ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 4 ਦਸੰਬਰ 2022 :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ ਅਤੇ ਆਮ ਲੋਕਾਂ ਵੱਲੋਂ ਕਲਚਰਲ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ।
ਹੁਕਮ ਵਿੱਚ ਕਿਹਾ ਗਿਆ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ, ਪ੍ਰੰਤੂ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਲੋਕਾਂ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ 10 ਵਜੇ ਤੋਂ ਲੈ ਕੇ ਸਵੇਰੇ 06 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੋਵੇਗੀ।ਇਹ ਹੁਕਮ 31 ਜਨਵਰੀ, 2023 ਤੱਕ ਲਾਗੂ ਰਹੇਗਾ।

