ਬਿਊਰੋ, ਪ੍ਰਾਈਮ ਪੋਸਟ ਪੰਜਾਬ
ਫ਼ਿਰੋਜ਼ਪੁਰ, 18 ਦਸੰਬਰ 2022 : ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸਥਾਨਕ ਲੋਕਾਂ ਵੱਲੋਂ ਫਿਰੋਜ਼ਪੁਰ ਦੇ ਜੀਰਾ ਸਥਿਤ ਸ਼ਰਾਬ ਫੈਕਟਰੀ ਦੇ ਬਾਹਰ ਕਰੀਬ 148 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। 17 ਦਸੰਬਰ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪੁੱਜੇ ਸਨ ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਕਾਨੂੰਨੀ ਕਾਰਵਾਈ ਕੀਤੀ ਹੈ।ਪੁਲਿਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਧਰਨੇ ’ਤੇ ਬੈਠੇ ਲੋਕਾਂ ਨੇ ਪੁਲੀਸ ’ਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦੋਸ਼ ਵੀ ਲਾਇਆ ਹੈ।
ਇਸ ਦੇ ਨਾਲ ਹੀ ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ 15 ਕਰੋੜ ਰੁਪਏ ਦਾ ਜੁਰਮਾਨਾ ਲਾਉਣ ਦੇ ਨਾਲ-ਨਾਲ ਧਰਨਾ ਚੁੱਕਣ ਦੇ ਹੁਕਮ ਜਾਰੀ ਕੀਤੇ ਹਨ। ਉਦੋਂ ਤੋਂ ਹੀ ਸੂਬਾ ਸਰਕਾਰ ਅਤੇ ਪੁਲਿਸ ਵੱਲੋਂ ਸ਼ਰਾਬ ਫ਼ੈਕਟਰੀ ਅੱਗੇ ਲਗਾਇਆ ਗਿਆ ਧਰਨਾ ਚੁਕਵਾਉਣ ਲਈ ਯਤਨ ਕੀਤੇ ਜਾ ਰਹੇ ਹਨ ਪਰ ਪੁਲਿਸ ਦੀ ਇਸ ਕਾਰਵਾਈ ਦਾ ਆਸ-ਪਾਸ ਦੇ 40 ਪਿੰਡਾਂ ਦੇ ਲੋਕਾਂ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਧਰਨਾਕਾਰੀਆਂ ਨੇ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਫੈਕਟਰੀ ਬੰਦ ਨਹੀਂ ਹੁੰਦੀ ਉਦੋਂ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ।