ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਕੀਤਾਜਾਵੇ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ
20 ਜਨਵਰੀ ਨੂੰ ਬੀ.ਡੀ.ਪੀ.ਓ. ਦਫ਼ਤਰ ਭੀਖੀ ਵਿਖੇ ਮੁੜ ਤੋਂ ਲੱਗੇਗਾ ਕੈਂਪ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 4 ਜਨਵਰੀ 2023 :ਰਾਜ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਭੀਖੀ ਵਿਖੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਅਤੇ ਨਿਪਟਾਰੇ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਵਿਸ਼ੇਸ਼ ਕੈਂਪ ਲਗਾਇਆ। ਕੈਂਪ ਦੌਰਾਨ ਆਮ ਲੋਕਾਂ ਦੀਆਂ ਸਰਕਾਰੀ ਵਿਭਾਗਾਂ ਨਾਲ ਸਬੰਧਤ ਅਤੇ ਹੋਰ ਸਾਂਝੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ।
ਕੈਂਪ ਦੌਰਾਨ ਆਏ ਲੋਕਾਂ ਪਾਸੋਂ ਕੁੱਲ 15 ਦਰਖ਼ਾਸਤਾਂ ਪ੍ਰਾਪਤ ਹੋਈਆਂ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਿੱਥੇ ਲੋਕਾਂ ਦੀਆਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਉੱਥੇ ਹੀ ਕਈ ਹੋਰ ਸਮੱਸਿਆਵਾਂ ਦੇ ਯੋਗ ਅਤੇ ਸਮਾਂਬੱਧ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ 19 ਦਸੰਬਰ, 2022 ਨੂੰ ਲਗਾਏ ਗਏ ਕੈਂਪ ਦੌਰਾਨ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਇਸ ਸਬੰਧੀ ਪ੍ਰਾਰਥੀਆਂ ਨੂੰ ਉਨ੍ਹਾਂ ਦੇ ਸੰਪਰਕ ਨੰਬਰ ’ਤੇ ਸੂਚਿਤ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਮੌਕੇ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਅਤੇ ਪਾਲਿਸੀਆਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਅਗਲਾ ਕੈਂਪ 20 ਜਨਵਰੀ, 2023 ਨੂੰ ਬੀ.ਡੀ.ਪੀ.ਓ. ਦਫ਼ਤਰ ਭੀਖੀ ਵਿਖੇ ਲਗਾਇਆ ਜਾਵੇਗਾ।
ਉਨ੍ਹਾਂ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦਾ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਜਿਸ ਕੰਮ ਵਿਚ ਕੋਈ ਕਮੀ ਪੇਸ਼ੀ ਹੋਵੇ ਉਸ ਸਬੰਧੀ ਬਿਨੈਕਾਰ ਨੂੰ ਜਾਣੂ ਕਰਵਾਉਂਦਿਆਂ ਉਸ ਦਾ ਹੱਲ ਕੀਤਾ ਜਾਵੇ।
ਇਸ ਮੌਕੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ, ਕਾਰਜਸਾਧਕ ਅਫ਼ਸਰ ਅਸ਼ੀਸ਼ ਕੁਮਾਰ, ਸੁਪਰਡੰਟ ਗਰੇਡ-1 ਅਮਰਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

