ਮਾਨਸਾ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਲਿਆ ਜਾਇਜ਼ਾ ਸਮੇਂ-ਸਮੇਂ ’ਤੇ ਪਾਣੀ ਦੀ ਟੈਸਟਿੰਗ ਕਰਨੀ ਯਕੀਨੀ ਬਣਾਈ ਜਾਵੇ : ਸਿੰਗਲਾ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 20 ਜਨਵਰੀ 2023 : ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਜਾਣਨ ਅਤੇ ਵੱਖ-ਵੱਖ ਵਿਭਾਗਾਂ ਤੋਂ ਉਨ੍ਹਾਂ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਲੈਣ ਲਈ ਅੱਜ ਨੈਸ਼ਨਲ ਹਿਊਮਨ ਰਾਈਟਸ ਦੇ ਸੀਨੀਅਰ ਰਿਪੋਰਟਰ ਸ਼੍ਰੀ ਮਹੇਸ਼ ਸਿੰਗਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੇਠਾਂ ਹੁੰਦਾ ਜਾ ਰਿਹਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਸਾਨੂੰ ਵੱਡੇ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ, ਤਾਂ ਜੋ ਅਗਲੀਆਂ ਪੀੜ੍ਹੀਆਂ ਲਈ ਪਾਣੀ ਸਾਂਭ ਕੇ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਟੀਮਾਂ ਦਾ ਗਠਨ ਕਰਕੇ ਪਿੰਡ-ਪਿੰਡ ਪਾਣੀ ਦੀ ਟੈਸਟਿੰਗ ਕਰਵਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਘੱਗਰ ਦੇ ਆਸ-ਪਾਸ ਦੇ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾਣ।
ਇਸ ਉਪਰੰਤ ਉਨ੍ਹਾਂ ਵਾਟਰ ਸਪਲਾਈ ਵਿਭਾਗ ਤੋਂ ਉਨ੍ਹਾਂ ਦੀਆਂ ਸਕੀਮਾਂ ਅਤੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਕਰਵਾਉਣ ਸਬੰਧੀ ਜਾਣਕਾਰੀ ਹਾਸਿਲ ਕੀਤੀ। ਐਕਸੀਅਨ ਵਾਟਰ ਸਪਲਾਈ ਨੇ ਦੱਸਿਆ ਕਿ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਪਾਣੀ ਦੀ ਟੈਸਟਿੰਗ ਯਕੀਨੀ ਬਣਾਈ ਜਾਂਦੀ ਹੈ ਅਤੇ ਲੋਕਾਂ ਨੂੰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਾਣੀ ਨੂੰ ਸੰਭਾਲ ਕੇ ਰੱਖਣ ਲਈ ਵਿਭਾਗ ਵੱਲੋਂ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ।
ਸ਼੍ਰੀ ਸਿੰਗਲਾ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਾਣੀ ਦੇ ਬਚਾਅ ਲਈ ਅਤੇ ਖੇਤ ਵਿੱਚ ਕਿਹੜੀ ਫਸਲ ਲਈ ਕਿੰਨੀ ਮਾਤਰਾ ਵਿੱਚ ਖਾਦ ਦੀ ਵਰਤੋਂ ਕਰਨੀ ਹੈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਕੈਂਪ ਲਗਾਏ ਜਾਣ। ਇਸ ਦੌਰਾਨ ਉਨ੍ਹਾਂ ਸੀਵਰੇਜ਼ ਬੋਰਡ ਦੇ ਅਧਿਕਾਰੀ ਤੋਂ ਵੀ ਉਨ੍ਹਾਂ ਦੇ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਮੀਟਿੰਗ ਉਪਰੰਤ ਸ਼੍ਰੀ ਸਿੰਗਲਾ ਨੇ ਪਿੰਡ ਰਮਦਿੱਤੇ ਵਾਲਾ ਵਿਖੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਾਣੀ ਦੇ ਬਚਾਅ ਲਈ ਜਾਗਰੂਕ ਕੀਤਾ। ਉਨ੍ਹਾਂ ਮਾਨਸਾ ਵਿਖੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਐਕਸੀਅਨ ਵਾਟਰ ਸਪਲਾਈ ਕੇਵਲ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਪਾਲ ਸਿੰਘ, ਐਸ.ਡੀ.ਓ. ਪ੍ਰਦੂਸ਼ਨ ਕੰਟਰੋਲ ਬੋਰਡ ਰਵੀਪਾਲ, ਐਸ.ਡੀ.ਓ. ਸੀਵਰੇਜ ਬੋਰਡ ਰਾਜ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਹਰਦੀਪ ਸ਼ਰਮਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

