ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ : ਅਡਾਨੀ ਘੋਟਾਲੇ ‘ਚ ਜਾਂਚ ਦੀ ਮੰਗ ਕਰ ਰਹੇ ਆਮ ਆਦਮੀ ਪਾਰਟੀ ਪੰਜਾਬ ਅਤੇ ਚੰਡੀਗੜ੍ਹ ਦੇ ਮੰਤਰੀਆਂ, ਵਿਧਾਇਕਾਂ, ਕੌਂਸਲਰਾਂ ਅਤੇ ਹੋਰ ਆਗੂਆਂ ਤੇ ਵਰਕਰਾਂ ਵੱਲੋਂ ਰਵਿਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਦੌਰਾਨ ਸਥਾਨਕ ਪੁਲਿਸ ਵੱਲੋਂ ਪ੍ਰਦਰਸ਼ਨ ਨੂੰ ਦੇਖਦਿਆਂ ਭਾਰੀ ਸੁਰੱਖਿਆ ਬੱਲ ਤਾਇਨਾਤ ਕੀਤੀ ਗਈ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੁਲਿਸ ਵੱਲੋਂ ਲਗਾਈ ਗਈ ਬੈਰੀਕੇਡਿੰਗ ਤੋੜਣ ਦੀ ਕੋਸ਼ਿਸ਼ ਕੀਤੀ ਗਈ। ਜਵਾਬੀ ਕਾਰਵਾਈ ਵਿੱਚ ਪੁਲਿਸ ਵੱਲੋਂ ਪਾਣੀ ਦੀਆਂ ਬੁਝਾੜਾਂ ਦੀ ਵਰਤੋਂ ਕੀਤੀ ਗਈ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਹ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਖਾਸ ਤੌਰ ‘ਤੇ ਅਡਾਨੀ ਗਰੁੱਪ ਨੂੰ ਦਿੱਤੀ ਜਾ ਰਹੀ ਬੇਲੋੜੀ ਗੈਰ-ਕਾਨੂੰਨੀ ਮਦਦ ਦਾ ਵਿਰੋਧ ਕਰ ਰਹੇ ਹਨ। ਆਮ ਆਦਮੀ ਪਾਰਟੀ (ਆਪ) ਵੱਲੋਂ ਭਾਜਪਾ ਸਰਕਾਰ ‘ਤੇ ਵਪਾਰੀ ਗੌਤਮ ਅਡਾਨੀ ਦੀਆਂ ਕੰਪਨੀਆਂ ਦੀ ਮਦਦ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪਾਰਟੀ ਵੱਲੋਂ ਇਹ ਇਲਜ਼ਾਮ ਲਗਾਏ ਗਏ ਹਨ ਕਿ ਗੌਤਮ ਅਡਾਨੀ ਦੀਆਂ ਕੰਪਨੀਆਂ ਦੇ ਮੁਨਾਫੇ ਲਈ ਭਾਜਪਾ ਵੱਲੋਂ ਜਨਤਕ ਖੇਤਰ ਦੇ ਬੈਂਕਾਂ, ਐਲਆਈਸੀ ਅਤੇ ਹੋਰ ਸੰਸਥਾਵਾਂ ਤੋਂ ਕਰਜ਼ੇ ਦੇ ਰੂਪ ਵਿੱਚ ਪੈਸਾ ਦੇ ਕੇ ਭਾਰਤ ਦੀ ਆਰਥਿਕਤਾ ਨੂੰ ਖੋਖਲਾ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ “ਮੋਦੀ ਸਰਕਾਰ ਨੇ ਰੇਲ, ਤੇਲ, ਬਿਜਲੀ ਤੇ ਕੋਲਾ ਸਭ ਕੁੱਝ Adani ਦੇ ਹਵਾਲੇ ਕਰ ਦਿੱਤਾ ਹੈ। ਜ਼ਿੰਮੇਵਾਰ ਵਿਰੋਧੀ ਧਿਰ ਹੋਣ ਦੇ ਨਾਤੇ ਸਾਡਾ ਫ਼ਰਜ਼ ਹੈ ਕਿ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਲੋਕਾਂ ਪ੍ਰਤੀ ਇਹਨਾਂ ਮਾਰੂ ਨੀਤੀਆਂ ਬਾਰੇ ਚਾਨਣਾ ਪਾਇਆ ਜਾਵੇ।”

