ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅਜਨਾਲਾ : ਪੁਲਿਸ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਡੀਐਸਪੀ ਅਜਨਾਲਾ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਗਠਿਤ ਟੀਮਾਂ ਲਗਾਤਾਰ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।
ਜਾਣਕਾਰੀ ਮਿਲੀ ਹੈ ਕਿ ਪੁਲਿਸ ਕਿਸੇ ਵੇਲੇ ਵੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਸਕਦੀ ਹੈ। ਸੂਤਰਾਂ ਮੁਤਾਬਕ ਪੁਲਿਸ ਨੂੰ ਸੂਹ ਮਿਲੀ ਹੈ ਜਿਸ ਦੇ ਆਧਾਰ ਉਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਥਾਣਾ ਅਜਨਾਲਾ ਦੀ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਨੌਜਵਾਨ ਕੁੱਟਮਾਰ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਵਰਿੰਦਰ ਸਿੰਘ ਵਾਸੀ ਸਲੇਮਪੁਰ ਜ਼ਿਲ੍ਹਾ ਰੂਪਨਗਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਦਮਦਮੀ ਟਕਸਾਲ ਅਜਨਾਲਾ ਵਿੱਚ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਆਇਆ ਸੀ। ਵਰਿੰਦਰ ਨੇ ਦੱਸਿਆ 15 ਫਰਵਰੀ ਨੂੰ ਦੁਪਹਿਰ ਸਮੇਂ ਉਸ ਨੂੰ ਕਿਸੇ ਦਾ ਫੋਨ ਆਇਆ ਕਿ ਅੰਮ੍ਰਿਤਪਾਲ ਸਿੰਘ ਨਾਲ ਜੋ ਉਸ ਦੇ ਮਤਭੇਦ ਹਨ, ਉਨ੍ਹਾਂ ਸਬੰਧੀ ਵਿਚਾਰ ਕਰਨੀ ਹੈ।
ਇਸ ਕਰਕੇ ਉਸ ਨੂੰ ਦਮਦਮੀ ਟਕਸਾਲ ਅਜਨਾਲਾ ਵਿਚ ਮਿਲਣ ਲਈ ਬੁਲਾ ਲਿਆ। ਸ਼ਾਮ ਪੰਜ ਵਜੇ ਦੇ ਕਰੀਬ ਆਏ ਤਿੰਨ ਅੰਮ੍ਰਿਤਧਾਰੀਆਂ ਨੇ ਸ਼ਿਕਾਇਤਕਰਤਾ ਨੂੰ ਕਾਰ ਵਿੱਚ ਸੁੱਟ ਲਿਆ ਅਤੇ ਕਿਸੇ ਮੋਟਰ ’ਤੇ ਲੈ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਥੇ ਅੰਮ੍ਰਿਤਪਾਲ ਸਿੰਘ ਨੇ ਗ਼ਲਤ ਸ਼ਬਦਾਵਲੀ ਬੋਲੀ ਅਤੇ ਉਸ ਦੀ ਕੁੱਟਮਾਰ ਕੀਤੀ ਤੇ ਕੁਝ ਦੇਰ ਮਗਰੋਂ ਛੱਡ ਦਿੱਤਾ ਗਿਆ।
ਸ਼ਿਕਾਇਤਕਰਤਾ ਦੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਅਜਨਾਲਾ ਦਾਖ਼ਲ ਕਰਵਾਇਆ। ਪੁਲਿਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਰਿੰਦਰ ਸਿੰਘ ਦੇ ਬਿਆਨਾਂ ’ਤੇ ਅੰਮ੍ਰਿਤਪਾਲ ਸਿੰਘ ਵਾਸੀ ਜੱਲੂਪੁਰ ਖੇੜਾ ਸਣੇ ਬਿਕਰਮਜੀਤ ਸਿੰਘ, ਪੰਪਲਪ੍ਰੀਤ ਸਿੰਘ, ਕੁਲਵੰਤ ਸਿੰਘ ਰਾਉਂਕੇ, ਗੁਰਪ੍ਰੀਤ ਸਿੰਘ, ਫੌਜੀ ਰੋਡੇ ਵਾਲਾ ਤੋਂ ਇਲਾਵਾ 20 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

