ਸਪੈਸ਼ਲ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂਸਮੱਸਿਆਵਾਂ ਸੁਣੀਆਂ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 24 ਫਰਵਰੀ 2023 : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ’ਤੇ ਜਾ ਕੇ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਪਿੰਡ ਖੀਵਾ ਕਲਾਂ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸਐੱਸਪੀ ਡਾ. ਨਾਨਕ ਸਿੰਘ ਅਤੇ ਐਸ.ਡੀ.ਐਮ ਮਾਨਸਾ ਪ੍ਰਮੋਦ ਸਿੰਗਲਾ ਹਾਜ਼ਰ ਰਹੇ।
ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਸੁਣੀਆਂ। ਉਨ੍ਹਾਂ ਵੱਲੋਂ ਜਿੱਥੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ, ਉੱਥੇ ਹੀ ਕਈ ਹੋਰ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨਾਲ ਸਤਿਕਾਰ ਸਹਿਤ ਪੇਸ਼ ਆਇਆ ਜਾਵੇ ਤੇ ਉਨ੍ਹਾਂ ਦੇ ਜਾਇਜ਼ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।
ਕੈਂਪ ਦੌਰਾਨ ਪਿੰਡਾਂ ਵਾਸੀਆਂ ਵੱਲੋਂ ਸ਼ਗਨ ਸਕੀਮ, ਪੈਨਸ਼ਨਾਂ, ਪੀਣ ਵਾਲੇ ਪਾਣੀ, ਨਜ਼ਾਇਜ਼ ਕਬਜ਼ੇ, ਗਲੀਆਂ-ਨਾਲੀਆਂ ਦੀ ਮੁਰੰਮਤ, ਨਹਿਰੀ ਪਾਣੀ ਦੀ ਸਮੱਸਿਆ, ਛੱਪੜਾਂ ਦੀ ਸਾਫ਼-ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਕਰਨ, ਖੇਡ ਮੈਦਾਨ ਬਣਾਉਣ, ਕੱਚੇ ਰਸਤੇ ਪੱਕੇ ਕਰਵਾਉਣ ਆਦਿ ਮੁਸ਼ਕਿਲਾਂ ਧਿਆਨ ਵਿੱਚ ਲਿਆਂਦੀਆਂ ਗਈਆਂ।
ਐਸ.ਡੀ.ਐਮ ਪ੍ਰਮੋਦ ਸਿੰਗਲਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕਾਂ ਵੱਲੋਂ ਪ੍ਰਾਪਤ ਵੱਖ ਵੱਖ ਦਰਖਾਸਤਾਂ ਨੂੰ ਸਬੰਧਤ ਅਧਿਕਾਰੀਆਂ ਨੂੰ ਮਾਰਕ ਕਰਦਿਆਂ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਨ ਦੇ ਆਦੇਸ਼ ਦਿੱਤੇ।ਇਸ ਮੌਕੇ ਡੀਐਸਪੀ ਸੰਜੀਵ ਗੋਇਲ, ਬੀਡੀਪੀਓ, ਨਾਇਬ ਤਹਿਸੀਲਦਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

