ਪੰਜਾਬ ‘ਚ ਕਾਨੂੰਨ ਵਿਵਸਥਾ ਅਤੇ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਦਾ ਮੁੱਦਾ ਉਠਾਇਆ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪਿਛਲੇ ਇੱਕ ਸਾਲ ਦੌਰਾਨ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਿਛਲੇ ਇੱਕ ਸਾਲ ਦੀਆਂ ਘਟਨਾਵਾਂ ਨੂੰ ਦਰਸਾਉਂਦੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਵਿੱਚ ਪੁੱਜੇ। ਇੰਨਾ ਹੀ ਨਹੀਂ ਵਿਧਾਨ ਸਭਾ ਸੈਸ਼ਨ ਦੇ ਸਿਫਰ ਕਾਲ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਧਮਕੀ ਤੇ ਵੀ ਸਵਾਲ ਖੜ੍ਹੇ ਕੀਤੇ ।

ਰਾਜਾ ਵੜਿੰਗ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਪੋਸਟ ਕਰਦੇ ਹੋਏ ਕਿਹਾ- ਹਰ ਪੰਜਾਬੀ ਮਹਿਸੂਸ ਕਰਦਾ ਹੈ ਕਿ ਸੂਬੇ ‘ਚ ਕਾਨੂੰਨ ਵਿਵਸਥਾ ਟੁੱਟ ਗਈ ਹੈ ਪਰ ਪੰਜਾਬ ਸਰਕਾਰ ਤੱਥਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਪੰਜਾਬ ਪੁਲਿਸ ਆਪਣੇ ਸੀਨੀਅਰ ਅਫਸਰਾਂ ‘ਤੇ ਹਮਲਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ‘ਚ ਅਸਫਲ ਰਹੀ ਹੈ।

ਰਾਜਾ ਵੜਿੰਗ ਪੰਜਾਬ ‘ਚ ਵਾਪਰੀਆਂ ਘਟਨਾਵਾਂ ‘ਤੇ ਆਧਾਰਿਤ ਟੀ-ਸ਼ਰਟ ਪਾ ਕੇ ਅਸੈਂਬਲੀ ‘ਚ ਪਹੁੰਚੇ। ਜਿੱਥੇ ਸਿਫਰ ਕਾਲ ‘ਚ ਵੀ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਵਿਗੜ ਰਹੇ ਹਨ। ਪਿਛਲੇ 40 ਸਾਲਾਂ ਵਿੱਚ ਅਜਿਹਾ ਨਹੀਂ ਹੋਇਆ ਕਿ ਕਿਸੇ ਥਾਣੇ ਤੇ ਕਬਜ਼ਾ ਹੋਇਆ ਹੋਵੇ। ਉਸ ਤੋਂ ਬਾਅਦ ਅੱਜ ਤੱਕ ਉਕਤ ਮਾਮਲੇ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।
ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇੱਕ ਸਾਲ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਨਸਾਫ ਤਾਂ ਦੂਰ ਦੀ ਗੱਲ ਹੈ, ਹੁਣ ਉਨ੍ਹਾਂ ਨੂੰ ਧਮਕੀਆਂ ਵੀ ਮਿਲਣ ਲੱਗ ਪਈਆਂ ਹਨ।

