ਸਹਾਇਕ ਕਮਿਸ਼ਨਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ; ਸੰਭਵ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 7 ਮਾਰਚ 2023 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਸੰਭਵ ਨਿਪਟਾਰੇ ਕਰਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਰੀਵਿਊ ਕਰਨ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ ਸ਼੍ਰੀ ਹਰਜਿੰਦਰ ਸਿੰਘ ਜੱਸਲ ਦੀ ਪ੍ਰਧਾਨਗੀ ਹੇਠ ਸਥਾਨਕ ਬਚਤ ਭਵਨ ਵਿਖੇ ‘ਜਨ ਸੁਣਵਾਈ ਕੈਂਪ’ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਇਨਾਂ ਕੈਂਪਾਂ ਦਾ ਮੰਤਵ ਲੋਕਾਂ ਦੀਆਂ ਸਮੱਸਿਆਵਾਂ ਦਾ ਉਚਿੱਤ ਹੱਲ ਕਰਨਾ ਹੈ, ਤਾਂ ਜੋ ਉਨਾਂ ਨੂੰ ਸਰਕਾਰੀ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਦੌਰਾਨ ਉਨਾਂ ਕੈਂਪ ਵਿੱਚ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੌਰ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨਾਂ ਸਮੱਸਿਆਵਾਂ ਦਾ ਹੱਲ ਕਰਨ ਲਈ ਆਦੇਸ਼ ਦਿੱਤੇ।
ਉਨਾਂ ਕਿਹਾ ਕਿ ਇਨਾਂ ਕੈਂਪਾਂ ਰਾਹੀਂ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਕੀਤਾ ਜਾ ਰਿਹਾ ਹੈ ਜੋ ਕਿ ਪੰਜਾਬ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨਾਂ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਨਾਂ ਕੈਂਪਾਂ ਸਬੰਧੀ ਜ਼ਿਲਾ ਵਾਸੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਤਾਂ ਜੋ ਲੋਕ ਇਨਾਂ ਕੈਂਪਾਂ ਦਾ ਲਾਹਾ ਲੈ ਸਕਣ ਅਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਸਕਣ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

