ਬਿਊਰੋ, ਪ੍ਰਾਈਮ ਪੋਸਟ ਪੰਜਾਬ
ਗੁਜਰਾਤ ਦੀ ਸੂਰਤ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਮਾਣਹਾਨੀ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਸਜ਼ਾ ਤੋਂ ਬਾਅਦ ਰਾਹੁਲ ਗਾਂਧੀ ਨੂੰ ਜ਼ਮਾਨਤ ਮਿਲ ਗਈ ਸੀ। ਦੱਸ ਦੇਈਏ ਕਿ ਵੀਰਵਾਰ ਸਵੇਰੇ ਰਾਹੁਲ ਗਾਂਧੀ ਦਿੱਲੀ ਏਅਰਪੋਰਟ ਤੋਂ ਸੂਰਤ ਦੀ ਅਦਾਲਤ ਵਿੱਚ ਪੇਸ਼ ਹੋਣ ਲਈ ਰਵਾਨਾ ਹੋਏ ਸਨ। ਇਸ ਮਾਮਲੇ ‘ਤੇ ਰਾਹੁਲ ਗਾਂਧੀ ਦੇ ਖਿਲਾਫ ਸੂਰਤ ਦੀ ਅਦਾਲਤ ‘ਚ ਲੰਬੇ ਸਮੇਂ ਤੋਂ ਸੁਣਵਾਈ ਚੱਲ ਰਹੀ ਸੀ।
ਰਾਹੁਲ ਗਾਂਧੀ ਨੇ 2019 ‘ਚ ਵਿਵਾਦਿਤ ਟਿੱਪਣੀ ਕੀਤੀ ਸੀ
ਦੱਸਿਆ ਜਾਂਦਾ ਹੈ ਕਿ ਸਾਲ 2019 ‘ਚ ਇਕ ਚੋਣ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਸਰਨੇਮ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ। ਪੀਐੱਮ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਨੀਰਵ ਮੋਦੀ, ਲਲਿਤ ਮੋਦੀ, ਉਨ੍ਹਾਂ ਦਾ ਵੀ ਸਾਡੇ ਪ੍ਰਧਾਨ ਮੰਤਰੀ ਵਰਗਾ ਹੀ ਸਰਨੇਮ ਹੈ… ਰਾਹੁਲ ਨੇ ਇਹ ਵੀ ਕਿਹਾ ਕਿ ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੈ ? ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਇਸ ਟਿੱਪਣੀ ਤੋਂ ਬਾਅਦ ਗੁਜਰਾਤ ਦੀ ਸੂਰਤ ਅਦਾਲਤ ਵਿੱਚ ਉਨ੍ਹਾਂ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਜਿਸ ਵਿੱਚ ਸੂਰਤ ਦੀ ਅਦਾਲਤ ਨੇ ਸੁਣਵਾਈ ਸ਼ੁਰੂ ਕੀਤੀ। ਸੂਰਤ ਦੀ ਅਦਾਲਤ ਨੇ ਦੋਸ਼ਾਂ ਨੂੰ ਲੈ ਕੇ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ ਸੀ।
ਰਾਹੁਲ ਗਾਂਧੀ ਦੀ ਸਜ਼ਾ ‘ਤੇ ਬੀਜੇਪੀ ਦਾ ਬਿਆਨ
ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਣ ‘ਤੇ ਭਾਜਪਾ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਮੋਦੀ ਨੇ ਕਿਹਾ ਕਿ, ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਆਨ ਦਿੱਤਾ ਸੀ ਕਿ ਸਾਰੇ ਮੋਦੀ ਚੋਰ ਹਨ, ਇਸ ਬਿਆਨ ਤੋਂ ਬਾਅਦ ਮੋਦੀ ਉਪਨਾਮ ਰੱਖਣ ਵਾਲੇ ਕਈ ਲੋਕਾਂ ਨੇ ਉਨ੍ਹਾਂ ‘ਤੇ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ। ਉਸ ਨੂੰ ਸੂਰਤ ਜ਼ਿਲ੍ਹਾ ਅਦਾਲਤ ਦੇ ਨਾਲ-ਨਾਲ ਹੋਰ ਅਦਾਲਤਾਂ ਵਿੱਚ ਵੀ ਅਜਿਹੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

