ਬਿਊਰੋ, ਪ੍ਰਾਈਮ ਪੋਸਟ ਪੰਜਾਬ
ਬੇਸ਼ੱਕ ਅੰਮ੍ਰਿਤਪਾਲ ਪੁਲਿਸ ਦੀ ਗ੍ਰਿਫਤ ਤੋਂ ਅੱਜ ਵੀ ਬਾਹਰ ਹੈ ਪਰ ਉਸਦੇ ਬਾਰੇ ਹਰ ਰੋਜ਼ ਨਵੇਂ ਖੁਲਾਸੇ ਹੋ ਰਹੇ ਹਨ l ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਕਿ ਅੰਮ੍ਰਿਤਪਾਲ ਦੇ ਇਰਾਦੇ ਬਹੁਤ ਖਤਰਨਾਕ ਸਨ। ਉਹ ਨਸ਼ਿਆਂ ਦੇ ਆਦੀ ਅਤੇ ਸਾਬਕਾ ਸੈਨਿਕਾਂ ਨੂੰ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਉਨ੍ਹਾਂ ਦਾ ਦਿਮਾਗ਼ ਵਾਸ਼ ਕਰ ਰਿਹਾ ਸੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੁਬਈ ਤੋਂ ਵਾਪਸ ਆ ਕੇ ਅੰਮ੍ਰਿਤਪਾਲ ਨੇ ਆਪਣੇ ਜੱਦੀ ਪਿੰਡ ਜੱਲੂਪੁਰ ਵਿੱਚ ਨਸ਼ਾ ਛੁਡਾਊ ਕੇਂਦਰ ਸ਼ੁਰੂ ਕੀਤਾ। ਇਸ ਦੇ ਨਾਲ ਹੀ ਉਸ ਨੇ ਫੌਜ ਵਿੱਚੋਂ ਸੇਵਾਮੁਕਤ ਹੋਏ ਸਾਬਕਾ ਸੈਨਿਕਾਂ ਦੀ ਭਾਲ ਸ਼ੁਰੂ ਕਰ ਦਿੱਤੀ, ਤਾਂ ਜੋ ਉਨ੍ਹਾਂ ਨੂੰ ਹਥਿਆਰਾਂ ਦੀ ਸਿਖਲਾਈ ਲਈ ਵਰਤਿਆ ਜਾ ਸਕੇ। ਉਸਨੇ ਦੋ ਸਾਬਕਾ ਸੈਨਿਕਾਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਨਾਲ ਸ਼ਾਮਲ ਕਰਨ ਲਈ ਬ੍ਰੇਨ ਵਾਸ਼ ਕੀਤਾ। ਇਨ੍ਹਾਂ ਦੀ ਪਛਾਣ ਵਰਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਵਜੋਂ ਹੋਈ ਹੈ।
ਦੋਵਾਂ ਨੇ ਅੰਮ੍ਰਿਤਪਾਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਨੌਜਵਾਨਾਂ ਨੂੰ ਹਥਿਆਰਾਂ ਦੀ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ। ਇਸ ਦੇ ਲਈ ਉਸ ਨੇ ਮਾਰੇ ਗਏ ਅੱਤਵਾਦੀ ਦਿਲਾਵਰ ਸਿੰਘ ਨੂੰ ਪ੍ਰੇਰਨਾ ਸਰੋਤ ਵਜੋਂ ਨੌਜਵਾਨਾਂ ਦੇ ਸਾਹਮਣੇ ਰੱਖਿਆ। ਮਨੁੱਖੀ ਬੰਬ ਬਣ ਕੇ ਦਿਲਾਵਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਆਪਣੇ ਨਾਲ ਉਡਾ ਦਿੱਤਾ ਸੀ । ਪੁਲਿਸ ਨੇ ਦੱਸਿਆ ਕਿ ਜਦੋਂ ਅੰਮ੍ਰਿਤਪਾਲ ਨੇ ‘ਵਾਰਿਸ ਪੰਜਾਬ ਦੇ’ ਦੀ ਕਮਾਨ ਸੰਭਾਲੀ ਤਾਂ ਉਸ ਸਮੇਂ ਉਨ੍ਹਾਂ ਕੋਲ ਸਿਰਫ਼ ਦੋ ਨਿੱਜੀ ਗਾਰਡ ਸਨ।
ਅਚਾਨਕ ਉਸ ਕੋਲ ਗਾਰਡਾਂ ਦੀ ਗਿਣਤੀ ਵਧ ਗਈ ਸੀ। ਇਸ ਸਾਲ ਦੇ ਸ਼ੁਰੂ ਵਿਚ ਇਹ ਗਿਣਤੀ 16 ਹੋ ਗਈ ਸੀ। ਹੈਰਾਨੀ ਦੀ ਗੱਲ ਇਹ ਸੀ ਕਿ ਇਨ੍ਹਾਂ ਵਿੱਚੋਂ ਸੱਤ ਵਿਅਕਤੀ ਅਜਿਹੇ ਸਨ, ਜਿਨ੍ਹਾਂ ਨੂੰ ਨਸ਼ਾ ਛੱਡਣ ਲਈ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਦੋਵਾਂ ਸਾਬਕਾ ਸੈਨਿਕਾਂ ਨੇ ਉਸ ਨੂੰ ਇਲਾਜ ਦੌਰਾਨ ਹਥਿਆਰ ਚਲਾਉਣ ਦੀ ਸਿਖਲਾਈ ਦਿੱਤੀ। ਪੁਲਸ ਨੇ ਦੱਸਿਆ ਕਿ ਵਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਤਲਵਿੰਦਰ ਸਿੰਘ ਫਰਾਰ ਹੈ। ਦੋਵਾਂ ਦੇ ਅਸਲਾ ਲਾਇਸੈਂਸ ਵੀ ਰੱਦ ਕਰ ਦਿੱਤੇ ਗਏ ਹਨ।

