ਬਿਊਰੋ, ਪ੍ਰਾਈਮ ਪੋਸਟ ਪੰਜਾਬ
ਕਪੂਰਥਲਾ : ਕਪੂਰਥਲਾ ਦੇ ਤਾਸ਼ਪੁਰ ਮੋੜ ਨੇੜੇ ਤਾਸ਼ਪੁਰ ਰੋਡ ‘ਤੇ ਇਕ ਤੇਜ਼ ਰਫਤਾਰ ਸਵਿਫਟ ਕਾਰ ਸੜਕ ਕਿਨਾਰੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਜੋਗਾ ਸਿੰਘ ਵਾਸੀ ਪੱਟੀ ਸ਼ਾਲਾ ਨਗਰ ਮਲਸੀਆਂ (ਜਲੰਧਰ) ਅਤੇ ਰਘੁਬੀਰ ਸਿੰਘ ਵਾਸੀ ਅਕਾਲਪੁਰ ਮਲਸੀਆਂ (ਜਲੰਧਰ) ਵਜੋਂ ਹੋਈ ਹੈ। ਸ਼ਾਇਦ ਡਰਾਈਵਰ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਗੱਡੀ ਆਪਣਾ ਸੰਤੁਲਨ ਗੁਆ ਬੈਠੀ ਅਤੇ ਦਰੱਖਤ ਨਾਲ ਜਾ ਟਕਰਾਈ।
ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ‘ਚ ਸਵਾਰ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਕਟਰਾਂ ਦੀ ਮਦਦ ਨਾਲ ਕਾਰ ਤੋਂ ਬਾਹਰ ਕੱਢਣਾ ਪਿਆ। ਸੂਚਨਾ ਮਿਲਦੇ ਹੀ ਥਾਣਾ ਡੱਲਾ ਚੌਂਕੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਮੌਕੇ ’ਤੇ ਪੁੱਜੇ ਮਲਸੀਆਂ ਵਾਸੀ ਸੁਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਜੋਗਾ ਸਿੰਘ ਅਤੇ ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਮਲਸੀਆਂ ਆਪਣੀ ਸਵਿਫਟ ਕਾਰ (ਪੀਬੀ 05 AQ 2254 ) ’ਚ ਕਪੂਰਥਲਾ ਵਾਲੇ ਪਾਸੇ ਤੋਂ ਮਲਸੀਆਂ ਨੂੰ ਆ ਰਹੇ ਸਨ। ਮੰਗਲਵਾਰ ਸਵੇਰੇ 4 ਵਜੇ ਦੇ ਕਰੀਬ… ਉਸ ਨੇ ਦੱਸਿਆ ਕਿ ਜਿਵੇਂ ਹੀ ਉਹ ਡਡਵਿੰਡੀ ਰੋਡ ‘ਤੇ ਤਾਸ਼ਪੁਰ ਮੋੜ ਨੇੜੇ ਪਹੁੰਚਿਆ ਤਾਂ ਉਸ ਦੀ ਗੱਡੀ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਟਕਰਾ ਗਈ।

