ਸੰਜੀਵ ਜਿੰਦਲ
ਮਾਨਸਾ, 5 ਅਪੈ੍ਲ 2023 : ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿਚ ਸ਼ਰਾਬ ਆਦਿ ਪੀ ਕੇ ਇਕ ਦੂਜੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ਼ ’ਤੇ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਉਨਾਂ ਕਿਹਾ ਕਿ ਮੈਰਿਜ ਪੈਲੇਸਾਂ ਵਿਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨਾਂ ਬੋਰਡਾਂ ’ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ। ਇਹ ਹੁਕਮ 31 ਮਈ 2023 ਤੱਕ ਲਾਗੂ ਰਹੇਗਾ।











