ਸੰਜੀਵ ਜਿੰਦਲ ( Prime Post Punjab )
ਮਾਨਸਾ, 6 ਅਪ੍ਰੈਲ 2023 : ਜਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਚਲਾਉਣ ’ਤੇ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਉਨਾਂ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2023 ਸ਼ੁਰੂ ਹੋਣ ਵਾਲਾ ਹੈ ਅਤੇ ਕਣਕ ਦੀ ਕਟਾਈ ਆਮ ਤੌਰ ’ਤੇ ਕਿਸਾਨਾਂ ਵੱਲੋਂ ਕੰਬਾਇਨਾਂ ਨਾਲ ਕਰਵਾਈ ਜਾਂਦੀ ਹੈ। ਉਨਾਂ ਕਿਹਾ ਕਿ ਕਈ ਵਾਰ ਕਣਕ ਦੀ ਕਟਾਈ ਲਈ ਦਿਨ-ਰਾਤ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਕੰਬਾਇਨਾਂ ਜੋ ਕਣਕ ਚੰਗੀ ਤਰਾਂ ਨਹੀਂ ਸੁੱਕੀ ਹੁੰਦੀ, ਉਸਨੂੰ ਵੀ ਕੱਟ ਦਿੰਦਿਆਂ ਹਨ ਜਿਸ ਨਾਲ ਕਿਸਾਨਾਂ ਨੂੰ ਸਿੱਧਾ ਨੁਕਸਾਨ ਹੁੰਦਾ ਹੈ। ਉਨਾਂ ਦੱਸਿਆ ਕਿ ਕੰਬਾਈਨਾਂ ਸੜਕ ਰਾਹੀਂ ਖੇਤਾਂ ਵਿੱਚ ਜਾਂਦੀਆਂ ਹਨ ਜਿਸ ਕਰਕੇ ਆਮ ਟਰੈਫਿਕ ਵਿੱਚ ਕਾਫ਼ੀ ਵਿਘਨ ਪੈਂਦਾ ਹੈ ਅਤੇ ਐਕਸੀਡੈਂਟ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਜਿਲ੍ਹਾ ਮੈਜਿਸਟੇ੍ਟ ਨੇ ਕਿਹਾ ਕਿ ਕਈ ਵਾਰ ਰਾਤ ਦਾ ਹਨੇਰਾ ਹੋਣ ਕਾਰਨ ਕੰਬਾਇਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆਂ ਹਨ ਅਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਨਮੀ ਹੋਣ ਕਾਰਨ ਕਣਕ ਸੁੱਕੀ ਨਹੀਂ ਹੁੰਦੀ ਅਤੇ ਨਮੀ ਵਾਲੀ ਕਣਕ ਦੀ ਨਿਲਾਮੀ ਹੋਣ ਵਿੱਚ ਦੇਰੀ ਹੋ ਜਾਂਦੀ ਹੈ ਜਿਸ ਕਰਕੇ ਕਿਸਾਨਾਂ ਨੂੰ ਕਈ-ਕਈ ਦਿਨ ਮੰਡੀਆਂ ਵਿੱਚ ਖੱਜਲ ਖ਼ੁਆਰ ਹੋਣਾ ਪੈਂਦਾ ਹੈ। ਇਸ ਲਈ ਆਮ ਪਬਲਿਕ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਇਨਾਂ ਚਲਾਉਣ ’ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ।
ਇਹ ਹੁਕਮ 31 ਮਈ 2023 ਤੱਕ ਲਾਗੂ ਰਹੇਗਾ।

