ਮਾਲ ਵਿਭਾਗ ਦੇ ਪੈਂਡਿੰਗ ਕੇਸਾਂ ਦਾ ਸਮਾਂਬੱਧ ਨਿਪਟਾਰਾ ਅਤੇ ਰਿਕਵਰੀ ਕੇਸਾਂ ਵਿੱਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ
ਸੰਜੀਵ ਜਿੰਦਲ ( Prime Post Punjab )
ਮਾਨਸਾ, 12 ਅਪ੍ਰੈਲ 2023 : ਮਾਲ ਵਿਭਾਗ ਨਾਲ ਸਬੰਧਤ ਕੋਰਟ ਕੇਸਾਂ ਦੀ ਪੈਰਵੀ ਕਰਨ ਵਾਲੇ ਅਧਿਕਾਰੀ ਹਰ ਤਰੀਕ ’ਤੇ ਲਿਖਤੀ ਰਿਪੋਰਟ ਪੇਸ਼ ਕਰਨਾ ਯਕੀਨੀ ਬਣਾਉਣ ਤਾਂ ਜੋ ਕੋਰਟ ਕੇਸਾਂ ਨਾਲ ਸੁਚੱਜੇ ਢੰਗ ਨਾਲ ਨਜਿੱਠਿਆ ਜਾ ਸਕੇ। ਇਨ੍ਹਾਂ ਗੱਲਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਭਾਗ ਦੇ ਸਾਰੇ ਕੋਰਟ ਕੇਸਾਂ ਦੀ ਮੌਜੂਦਾ ਸਥਿਤੀ ਦੀਆਂ ਰਿਪੋਰਟਾਂ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਬਕਾਇਆ ਕੋਰਟ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਇਨ੍ਹਾਂ ਦੇ ਨਿਪਟਾਰੇ ਲਈ ਆਪਸੀ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਨਿਸ਼ਾਨਦੇਹੀਆਂ, ਰਿਕਵਰੀ ਕੇਸਾਂ, ਇੰਤਕਾਲ ਕੇਸਾਂ ਆਦਿ ਨੂੰ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਪੈਂਡਿੰਗ ਪਏ ਕੇਸਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਇਨ੍ਹਾਂ ਬਕਾਇਆ ਕੇਸਾਂ ਦਾ ਸਮੇਂ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਾਰੇ ਰਿਕਵਰੀ ਕੇਸਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਰੁਚੀ ਲੈ ਕੇ ਰਿਕਵਰੀਆਂ ਤੇਜ਼ ਕਰਾਉਣ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸੰਬੰਧਤ ਕੰਮਾਂ ਵਿੱਚ ਕਿਸੇ ਕਿਸਮ ਦੀ ਖੱਜਲ ਖੁਆਰੀ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਜਿਸਦੇ ਲਈ ਹਰੇਕ ਅਧਿਕਾਰੀ ਨਿਰਧਾਰਤ ਸਮੇਂ ’ਚ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਵੇ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸੁਖਰਾਜ ਸਿੰਘ, ਸੁਪਰਡੰਟ ਅਮ੍ਰਿਤਪਾਲ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

