ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਅਤੇ ਅਦਾਇਗੀ ਸਮੇਂ ਨਾਲ ਕਰਨੀ ਯਕੀਨੀ ਬਣਾਉਣ ਅਧਿਕਾਰੀ- ਡਿਪਟੀ ਕਮਿਸ਼ਨਰ
ਸੰਜੀਵ ਜਿੰਦਲ ( Prime Post Punjab)
ਮਾਨਸਾ, 12 ਅਪ੍ਰੈਲ 2023 : ਕਣਕ ਦੇ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ’ਚ ਵੇਚਣ ਲਈ ਲਿਆਂਦੀ ਜਾ ਰਹੀ ਫ਼ਸਲ ਦੀ ਸੁਚੱਜੀ, ਸੁਚਾਰੂ ਤੇ ਨਿਰਵਿਘਨ ਖਰੀਦ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਹਦਾਇਤ ਕੀਤੀ ਕਿ ਖਰੀਦੀ ਜਿਣਸ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਈ ਜਾਵੇ ਤਾਂ ਜੋ ਮੌਸਮ ਦੀ ਖਰਾਬੀ ਕਾਰਨ ਕਿਸਾਨਾਂ ਦੀ ਫਸਲ ਦਾ ਨੁਕਸਾਨ ਨਾ ਹੋਵੇ।
ਸਮੂਹ ਐਸ.ਡੀ.ਐਮਜ਼, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹੁਣ ਤੱਕ ਹੋਈ ਖਰੀਦ, ਅਦਾਇਗੀ ਸਮੇਤ ਲਿਫਟਿੰਗ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹੇ ਦੀਆਂ ਮੰਡੀਆਂ ’ਚ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਸਬ ਡਵੀਜ਼ਨ ਪੱਧਰ ’ਤੇ ਮੰਡੀਆਂ ਅੰਦਰ ਚਲ ਰਹੀ ਖਰੀਦ ਦਾ ਜਾਇਜ਼ਾ ਲੈਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਬਾਰਦਾਨਾ, ਮਜ਼ਦੂਰਾਂ ਤੇ ਲਿਫਟਿੰਗ ਲਈ ਸਾਧਨਾਂ ਦੀ ਉਪਲਬਧਤਾ ਸਮੇਤ ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਬਾਰੇ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ ਅਤੇ ਸਮੂਹ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡੀ.ਸੀ. ਨੇ ਕਿਸਾਨਾਂ ਨੂੰ ਵੀ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਜ਼ਿਲ੍ਹਾ ਮੰਡੀ ਅਫ਼ਸਰ, ਐਫ.ਸੀ.ਆਈ. ਅਤੇ ਖਰੀਦ ਏਜੰਸੀਆਂ ਦੇ ਨੁੰਮਾਇਦੇ ਹਾਜ਼ਰ ਸਨ।

