ਡਿਪਟੀ ਕਮਿਸ਼ਨਰ ਨੇ ਮਾਨਸਾ ਅਨਾਜ ਮੰਡੀ ਵਿਖੇ ਕਣਕ ਦੀ ਖਰੀਦਪ੍ਰਕਿਰਿਆ ਕਰਵਾਈ ਸ਼ੁਰੂ
ਕਿਸਾਨਾਂ ਦੀ ਫਸਲ ਦੀ ਖਰੀਦ ਲਈ ਜ਼ਿਲ੍ਹੇ’ਚ 117 ਕੇਂਦਰ ਸਥਾਪਿਤ, ਖਰੀਦ ਲਈ ਸਮੁੱਚੇ ਪ੍ਰਬੰਧ ਮੁਕੰਮਲ
ਸੰਜੀਵ ਜਿੰਦਲ ( Prime Post Punjab)
ਮਾਨਸਾ, 12 ਅਪ੍ਰੈਲ 2023 : ਸੂਬਾ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਜਿਲ੍ਹੇ ਅੰਦਰ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਮਾਨਸਾ ਦੀ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।
ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਬਿਲਕੁੱਲ ਵੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਮੰਡੀਆਂ ’ਚ ਹਰੇਕ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਗਏ ਹਨ। ਉਨਾਂ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨਾਂ ਸਮੂਹ ਕਿਸਾਨਾਂ, ਆੜਤੀਆਂ ਨੂੰ ਸੁਖਾਵੇਂ ਮਾਹੌਲ ’ਚ ਖਰੀਦ ਪ੍ਰਕਿਰਿਆ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲੇ ’ਚ 117 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਬਿਜਲੀ, ਪੀਣ ਵਾਲੇ ਪਾਣੀ, ਪਖਾਨੇ ਆਦਿ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ।
ਇਸ ਮੌਕੇ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਵਿਜੇ ਕੁਮਾਰ ਸਿੰਗਲਾ, ਜ਼ਿਲਾ ਮੰਡੀ ਅਫ਼ਸਰ ਸ਼੍ਰੀ ਸਲੋਧ ਕੁਮਾਰ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਕਿਸਾਨ, ਆੜਤੀਆਂ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

