ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਈਆਂ ਦੇ ਜਖਮੀ ਹੋਣ ਦੀ ਗੱਲ ਕਹੀ
ਚੰਡੀਗੜ੍ਹ ਦੀ ਕੌਂਸਲਰ ਅੰਜੂ ਕਤਿਆਲ ਅਤੇ ਦਮਨਪ੍ਰੀਤ ਸਿੰਘ ਨੂੰ ਪੁਲਸ ਨੇ ਹਿਰਾਸਤ ‘ਚ ਲਿਆ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ,16 ਅਪ੍ਰੈਲ 2023 : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਦਿੱਲੀ ਜਾ ਰਹੇ ਪੰਜਾਬ ਦੀ ਮਾਨ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਪੁਲਿਸ ਵੱਲੋਂ ਬਾਦਲੀ ਵਿੱਚ ਰੋਕਿਆ ਗਿਆ। ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪੁਲੀਸ ਨੇ ਨਾਜਾਇਜ਼ ਹਿਰਾਸਤ ਵਿੱਚ ਲੈ ਲਿਆ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਦਿੱਲੀ ਜਾ ਰਹੇ ਨਿਹੱਥੇ ਸ਼ਾਂਤਮਈ ‘ਆਪ’ ਵਰਕਰਾਂ ‘ਤੇ ਲਾਠੀਚਾਰਜ ਕੀਤਾ ਗਿਆ। ਇਸ ਸਬੰਧੀ ਡਾਕਟਰ ਬਲਬੀਰ ਨੇ ਟਵੀਟ ਵੀ ਕੀਤਾ ਹੈ।
ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਸ ਘਟਨਾ ‘ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਇਸ ਘਟਨਾ ਨੂੰ ਮੋਦੀ ਸਰਕਾਰ ਵੱਲੋਂ ਕੀਤਾ ਗਿਆ ਵਹਿਸ਼ੀ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਦੇਸ਼ ਵਿੱਚ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਸੁਪਰੀਮ ਕੋਰਟ ਸਾਨੂੰ ਸ਼ਾਂਤਮਈ ਢੰਗ ਨਾਲ ਘੁੰਮਣ ਅਤੇ ਵਿਰੋਧ ਕਰਨ ਦਾ ਅਧਿਕਾਰ ਦਿੰਦਾ ਹੈ। ਪਰ ‘ਆਪ’ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਵਲੰਟੀਅਰਾਂ ਨੂੰ ਬਾਦਲੀ ਵਿੱਚ ਹਿਰਾਸਤ ਵਿੱਚ ਲਏ ਜਾਣ ਦੀ ਘਟਨਾ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ।
ਇਸੇ ਦੌਰਾਨ ਅਰਵਿੰਦ ਕੇਜਰੀਵਾਲ ਦੇ ਸਮਰਥਨ ‘ਚ ਦਿੱਲੀ ਪੁੱਜੀ ‘ਆਪ’ ਦੇ ਚੰਡੀਗੜ੍ਹ ਨਗਰ ਨਿਗਮ ਦੀ ਕੌਂਸਲਰ ਅੰਜੂ ਕਤਿਆਲ ਅਤੇ ਦਮਨਪ੍ਰੀਤ ਸਿੰਘ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ। ਇਸ ਦਾ ਕਾਰਨ ਉਨ੍ਹਾਂ ਵੱਲੋਂ ਅਰਵਿੰਦ ਕੇਜਰੀਵਾਲ ਦੇ ਸ਼ਰਾਬ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਪੋਸਟਰ ਪਾੜਨਾ ਦੱਸਿਆ ਗਿਆ ਹੈ।ਇਸ ਤੋਂ ਇਲਾਵਾ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਅਤੇ ਸਾਰੇ ਵਰਕਰਾਂ ਨੂੰ ਦਿੱਲੀ ਬਾਰਡਰ ‘ਤੇ ਰੋਕ ਦਿੱਤਾ ਗਿਆ ਹੈ। ਸਾਰੇ ਮੰਤਰੀਆਂ ਤੇ ਵਰਕਰਾਂ ਨੇ ਸੜਕ ਵਿਚਕਾਰ ਬੈਠ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਹੱਥੋਪਾਈ ਹੋਣ ਦੀ ਵੀ ਸੂਚਨਾ ਹੈ।

