ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ
ਸੰਜੀਵ ਜਿੰਦਲ ( Prime Post Punjab )
ਮਾਨਸਾ, 16 ਅਪ੍ਰੈਲ 2023 :ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਬੀਤੇ ਦਿਨ ਤੱਕ ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1 ਲੱਖ 6 ਹਜ਼ਾਰ 552 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਸ ਵਿੱਚੋਂ ਪਨਗਰੇਨ ਵੱਲੋਂ 38815 ਮੀਟਿ੍ਰਕ ਟਨ, ਮਾਰਕਫੈਡ ਵੱਲੋਂ 33075, ਪਨਸਪ ਵੱਲੋਂ 17127, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 16080, ਅਤੇ ਵਪਾਰੀਆਂ ਵੱਲੋਂ 1455 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਦੇ ਬਦਲੇ ਹੁਣ ਤੱਕ 39.40 ਕਰੋੜ ਰੁਪਏ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸਮੇਂ ਸਿਰ ਲਿਫਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਰਹਿਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਜਾਂ ਰਹਿੰਦ-ਖੂੰਹਦ ਨੂੰ ਨਾ ਸਾੜ ਕੇ ਖੇਤਾਂ ਵਿਚ ਹੀ ਉਸਦਾ ਪ੍ਰਬੰਧਨ ਕੀਤਾ ਜਾਵੇ। ਉਨਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਵਿੱਚ ਪ੍ਰਦੂਸ਼ਣ ਫੈਲਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਣ ਦੇ ਨਾਲ-ਨਾਲ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ ਕੀਤੀ ।

