SDM ਸਰਦੂਲਗੜ੍ਹ ਨੇ ਪਿੰਡ ਫੱਤਾ ਮਾਲੋਕਾ ਵਿਖੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 17 ਅਪ੍ਰੈਲ 2023 : ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਅਗਵਾਈ ਵਿਚ ਜ਼ਿਲ੍ਹੇ ਅੰਦਰ ਲਗਾਤਾਰ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕਰਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਅਤੇ ਹੋਰ ਸਮੱਸਆਵਾਂ ਨੂੰ ਉਨ੍ਹਾ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕੀਤਾ ਜਾ ਰਿਹਾ ਹੈ ਜੋ ਕਿ ਇਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ। ਇੰਨ੍ਹਾਂ ਗੱਲਾ ਦਾ ਪ੍ਰਗਟਾਵਾ ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ ਨੇ ਪਿੰਡ ਫੱਤਾ ਮਾਲੋਕਾ ਵਿਖੇ ਜਨਤਾ ਦਰਬਾਰ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਮੌਕੇ ਕੀਤਾ।
ਐਸ.ਡੀ.ਐਮ. ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਫੱਤਾ ਮਾਲੋਕਾ ਅਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕਰਦਿਆਂ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ, ਜਿੰਨ੍ਹਾਂ ਵਿਚੋਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਦਰਖ਼ਾਸਤਾਂ ਮੌਕੇ ’ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਸੌਂਪੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਵੱਖ ਵੱਖ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਨੂੰ ਉਨ੍ਹਾਂ ਦੇ ਕੰਮ ਸੌਖਾਲੇ ਤਰੀਕੇ ਨਾਲ ਕਰਵਾਉਣ ਦੀ ਸੁਵਿਧਾ ਦਿੱਤੀ ਜਾਵੇਗੀ।
ਇਸ ਮੌਕੇ ਸਰਪੰਚ ਗੁਰਸੇਵਕ ਸਿੰਘ, ਸੀ.ਡੀ.ਪੀ.ਓ. ਕਿਰਨ ਰਾਣੀ, ਮੁਕੇਸ਼ ਕੁਮਾਰ, ਕਸ਼ਮੀਰ ਸਿੰਘ ਐਸ.ਡੀ.ਐਮ. ਦਫਤਰ ਸਰਦੂਲਗੜ੍ਹ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਮੌਜੂਦ ਸਨ।

