ਲਿਫਟਿੰਗ ਪ੍ਰਕਿਰਿਆ ਵਿਚ ਤੇਜੀ ਲਿਆਂਦੀ ਜਾਵੇ- : ਵੀ. ਕੇ ਮੀਨਾ
ਪ੍ਰਮੱਖ ਸਕੱਤਰ ਵੀ. ਕੇ ਮੀਨਾ ਅਤੇ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਭੀਖੀ ਅਤੇ ਢੈਪਈ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ
ਸੰਜੀਵ ਜਿੰਦਲ ( Prime Post Punjab )
ਮਾਨਸਾ, 21 ਅਪ੍ਰੈਲ 2023 : ਪ੍ਰਿੰਸੀਪਲ ਸਕੱਤਰ ਪ੍ਰਿਟਿੰਗ ਐਂਡ ਸਟੇਸ਼ਨਰੀ ਪੰਜਾਬ ਕਮ ਪ੍ਰਭਾਰੀ ਸਕੱਤਰ ਜ਼ਿਲ੍ਹਾ ਮਾਨਸਾ ਸ੍ਰੀ ਵੀ. ਕੇ ਮੀਨਾ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ.ਬੈਨਿਥ, ਐਸ.ਡੀ.ਐਮ. ਮਾਨਸਾ ਸ੍ਰੀ ਪ੍ਰਮੋਦ ਸਿੰਗਲਾ, ਐਸ.ਡੀ.ਐਮ ਸਰਦੂਲਗੜ੍ਹ ਪੂਨਮ ਸਿੰਘ, ਐਸ.ਡੀ.ਐਮ ਬੁਢਲਾਡਾ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਜੱਸਲ, ਐਸ.ਪੀ. ਸ੍ਰੀ ਬਾਲ ਕਿ੍ਰਸ਼ਨ, ਐਸ.ਪੀ. ਜਯੋਤੀ ਯਾਦਵ ਹਾਜ਼ਰ ਸਨ।
ਪ੍ਰਭਾਰੀ ਸਕੱਤਰ ਸ੍ਰੀ ਵੀ. ਕੇ ਮੀਨਾ ਨੇ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਕਣਕ ਦੀ ਚੱਲ ਰਹੀ ਕਣਕ ਦੀ ਲਿਫਟਿੰਗ ਅਤੇ ਖਰੀਦ ਪ੍ਰਕਿਰਿਆਂ ਅਤੇ ਖਰੀਦ ਕੀਤੀ ਜਿਣਸ ਦੀ ਅਦਾਇਗੀ ਅਤੇ ਲਿਫਟਿੰਗ ਨੂੰ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸ਼ਡਿਊਲ ਅਨੁਸਾਰ ਲਿਫਟਿੰਗ ਪ੍ਰਕਿਰਿਆ ਵਿਚ ਤੇਜੀ ਲਿਆਂਦੀ ਜਾਵੇ ਤਾਂ ਜੋ ਸਪੈਸ਼ਲ ਵੀ ਲੱਗਦੀ ਰਹੇ ਅਤੇ ਲੇਬਰ ਨੂੰ ਵੀ ਕੰਮ ਮਿਲੇ। ਉਨ੍ਹਾਂ ਕਿਹਾ ਕਿ ਹਰ ਰੋਜ਼ 10 ਫ਼ੀਸਦੀ ਲਿਫਟਿੰਗ ਵਧਾਉਣ ਦਾ ਟੀਚਾ ਲੈ ਕੇ ਚੱਲਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਕਿਸਾਨ ਪਹਿਲਾਂ ਮੰਡੀ ਵਿਚ ਫਸਲ ਲੈ ਕੇ ਆਉਂਦਾ ਹੈ ਉਸ ਦੀ ਫਸਲ ਪਹਿਲਾਂ ਆਓ ਪਹਿਲਾਂ ਪਾਓ ਦੇ ਨਿਯਮ ਦੇ ਆਧਾਰ ‘ਤੇ ਚੁੱਕੀ ਜਾਵੇ ਤਾਂ ਜੋ ਮੰਡੀਆਂ ਅੰਦਰ ਫਸਲ ਲੈ ਕੇ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਖੱਜਲ ਖੁਆਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਬਾਰਿਸ਼ ਦੇ ਮੱਦੇਨਜ਼ਰ ਮੰਡੀਆਂ ਵਿਚ ਸੁਚੱਜੇ ਪ੍ਰਬੰਧ ਹੋਣੇ ਲਾਜ਼ਮੀ ਹਨ ਤਾਂ ਜੋ ਫਸਲ ਨੂੰ ਖਰਾਬੇ ਤੋਂ ਬਚਾਇਆ ਜਾ ਸਕੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੁੱਲ 117 ਖਰੀਦ ਕੇਂਦਰ ਬਣਾਏ ਗਏ ਹਨ, ਜੋ ਵੱਖ-ਵੱਖ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 307040 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਜਿਣਸ ਦੀ 434.29 ਕਰੋੜ ਦੀ ਕਿਸਾਨਾਂ ਨੂੰ ਅਦਾਇਗੀ ਹੋਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਪਿ੍ਰੰਸੀਪਲ ਸਕੱਤਰ ਸਕੱਤਰ ਸ੍ਰੀ ਵੀ.ਕੇ ਮੀਨਾ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਖ਼ਰੀਦ ਪ੍ਰਕਿਰਿਆ ਅੰਦਰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਸਕੱਤਰ ਸ੍ਰੀ ਵੀ.ਕੇ. ਮੀਨਾ ਨੇ ਅਨਾਜ ਮੰਡੀ ਭੀਖੀ ਅਤੇ ਢੈਪਈ ਦਾ ਦੌਰਾ ਕਰਕੇ ਆੜ੍ਹਤੀਆਂ, ਕਿਸਾਨਾਂ ਅਤੇ ਲੇਬਰ ਨਾਲ ਗੱਲਬਾਤ ਕੀਤੀ। ਉਨ੍ਹਾਂ ਮੰਡੀਆਂ ਵਿਚ ਚੱਲ ਰਹੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ, ਜਿਸ ‘ਤੇ ਲੇਬਰ, ਕਿਸਾਨਾਂ ਅਤੇ ਆੜ੍ਹਤੀਆਂ ਨੇ ਸੰਤੁਸ਼ਟੀ ਪ੍ਰਗਟਾਈ। ਸ੍ਰੀ ਮੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਰਕਾਰ ਵੱਲੋਂ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ’ਤੇ ਖਰੀਦਿਆ ਜਾਵੇਗਾ।
ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਮਨਮੋਹਰ ਸਿੰਘ ਚੌਹਾਨ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਵਿਜੇ ਕੁਮਾਰ ਸਿੰਗਲਾ, ਜ਼ਿਲਾ ਮੰਡੀ ਅਫ਼ਸਰ ਸਲੋਧ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

