ਬਿਊਰੋ, ਪ੍ਰਾਈਮ ਪੋਸਟ ਪੰਜਾਬ
ਬਠਿੰਡਾ : ਅੱਜ ਬਠਿੰਡਾ ਦੇ ਤਲਵੰਡੀ ਰੋਡ ‘ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਕਾਰ ‘ਚ ਜਾ ਰਹੇ 3 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਲਜਿੰਦਰ ਸਿੰਘ, ਪਰਮਜੀਤ ਸਿੰਘ, ਜਸਕਰਨ ਸਿੰਘ ਵਾਸੀ ਪਿੰਡ ਮਹਿਮਾ ਸਰਕਾਰੀ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਪੀਆਰਟੀਸੀ ਡਰਾਈਵਰ ਬਲਜਿੰਦਰ ਸਿੰਘ ਆਪਣੇ ਸਾਥੀਆਂ ਪਰਮਜੀਤ ਸਿੰਘ ਅਤੇ ਜਸਕਰਨ ਸਿੰਘ ਨਾਲ ਵੈਗਨਾਰ ਕਾਰ ਵਿੱਚ ਤਲਵੰਡੀ ਰੋਡ ਤੇ ਜਾ ਰਿਹਾ ਸੀ। ਸਵੇਰੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨੋਂ ਵਿਅਕਤੀਆਂ ਦੀ ਮੌਤ ਹੋ ਗਈ। ਤਿੰਨੋਂ ਮ੍ਰਿਤਕ ਮਹਿਮਾ ਸਰਕਾਰੀ ਪਿੰਡ ਦੇ ਰਹਿਣ ਵਾਲੇ ਹਨ। ਪਿੰਡ ਦੇ ਸਰਪੰਚ ਹਰਦੀਪ ਸਿੰਘ ਨੇ ਦੱਸਿਆ ਕਿ ਤਿੰਨੋਂ ਮ੍ਰਿਤਕ ਉਨ੍ਹਾਂ ਦੇ ਪਿੰਡ ਦੇ ਹੀ ਸਨ। ਹਾਦਸੇ ਵਿੱਚ ਜਾਨ ਗਵਾਉਣ ਵਾਲੇ ਮ੍ਰਿਤਕਾਂ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸਹਾਰਾ ਜਨਸੇਵਾ ਦੀ ਟੀਮ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਹੈ।

