ਸੰਜੀਵ ਜਿੰਦਲ ( Prime Post Punjab)
ਮਾਨਸਾ , 5 ਮਈ 2023 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭਿ੍ਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸ਼ਹਿਣਸੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਅਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸਵਤ ਦੀ ਮੰਗਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਸਹਿਰ ਦੇ ਵਸਨੀਕ ਹਰਦੀਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸਨ ਲਾਈਨ ਵਿਖੇ ਕੀਤੀ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ l
ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜਮ ਰੱਖਾ ਸਿੰਘ ਨੇ ਉਸਦੀ (ਸ਼ਿਕਾਇਤਕਰਤਾ) ਪਤਨੀ ਦਾ ਅਪਰੇਸ਼ਨ ਕਰਵਾਉਣ ਬਦਲੇ 3500 ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਪਤਾ ਲੱਗਾ ਕਿ ਉਕਤ ਨਿੱਜੀ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਕਤ ਪੁੱਛਗਿੱਛ ਦੇ ਆਧਾਰ ‘ਤੇ ਉਕਤ ਦੋਸੀ ਨੂੰ ਗਿ੍ਫਤਾਰ ਕਰਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਬਠਿੰਡਾ ਰੇਂਜ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਉਨਾਂ ਕਿਹਾ ਕਿ ਇਸ ਕੇਸ ਵਿੱਚ ਸਬੰਧਿਤ ਡਾਕਟਰ ਦੀ ਭੂਮਿਕਾ ਨੂੰ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।

