ਬਿਊਰੋ, ਪ੍ਰਾਈਮ ਪੋਸਟ ਪੰਜਾਬ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਇੱਥੇ ਆਦਮਪੁਰ ਨੂੰ ਜਾਂਦੀ ਸੜਕ ’ਤੇ ਸਥਿਤ ਰੇਲਵੇ ਫਾਟਕ ਨੇੜੇ ਇਕੱਠ ਨੂੰ ਸੰਬੋਧਨ ਕਰਦਿਆਂ ਜਲੰਧਰ ਜ਼ਿਮਨੀ ਚੋਣ ਵਿੱਚ ਨੌਜਵਾਨਾਂ ਨੂੰ ‘ਆਪ’ ਖ਼ਿਲਾਫ਼ ਭੁਗਤਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਨੇ ਉਨ੍ਹਾਂ ਦੀਆਂ ਜੜਾਂ ਪੁੱਟੀਆਂ, ਉਹ ਉਸ ਜ਼ਾਲਮ ਸਰਕਾਰ ਦੀਆਂ ਜੜਾਂ ਪੁੱਟ ਕੇ ਦਮ ਲੈਣਗੇ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਥਿਤ ਗੈਂਗਸਟਰਾਂ ਨਾਲ ਸਾਜ਼ਿਸ਼ ਰਚ ਕੇ ਪਹਿਲਾਂ ਸਿੱਧੂ ਮੂਸੇਵਾਲਾ ਦੇ ਸੁਰੱਖਿਆ ਕਰਮੀ ਵਾਪਸ ਲਏ ਅਤੇ ਮਗਰੋਂ ਇਸ ਬਾਰੇ ਖਬਰਾਂ ਛਪਵਾਈਆਂ, ਜਿਸ ਨਾਲ ਉਸ ਦੇ ਕਤਲ ਕਰਨ ਦਾ ਰਾਹ ਪੱਧਰਾ ਹੋ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਾਤਲ ਗ੍ਰਿਫ਼ਤਾਰ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਅੱਜ ਦੋਵੇਂ ਮੁੱਖ ਮੰਤਰੀ ਅਤੇ ਉਹ ਜਲੰਧਰ ਵਿੱਚ ਹਨ। ਮਾਨ ਤੇ ਕੇਜਰੀਵਾਲ ਉਨ੍ਹਾਂ ਨੂੰ ਦੋ ਮਿੰਟ ਦਾ ਸਮਾਂ ਦੇ ਕੇ ਦੱਸਣ ਕਿ ਪੁਲਿਸ ਵੱਲੋਂ ਕਿਹੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੇਲੇ ਸਿੱਧੂ ਮੂਸੇਵਾਲਾ, ਸੰਦੀਪ ਨੰਗਲ ਅੰਬੀਆਂ ਅਤੇ ਹੋਰ ਕਈ ਨਾਮਵਰ ਸ਼ਖ਼ਸੀਅਤਾਂ ਦੇ ਕਤਲ ਹੋਏ ਪਰ ਸਰਕਾਰ ਵੱਲੋਂ ਇਨ੍ਹਾਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਸਗੋਂ ਗੈਂਗਸਟਰਾਂ ਦੀਆਂ ਜੇਲ੍ਹਾਂ ’ਚੋਂ ਇੰਟਰਵਿਊਜ਼ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਉਹ ਲਤੀਫਪੁਰਾ ਵੀ ਗਏ ਤੇ ਉਥੋਂ ਦੇ ਪੀੜਤਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਹੀ ਅੱਜ ਪੀੜਤਾਂ ਨੂੰ ਖੁੱਲ੍ਹੇ ਅਸਮਾਨ ਹੇਠ ਸੌਣਾ ਪੈ ਰਿਹਾ ਹੈ।

