ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 9 ਮਈ 2023 :ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਦਿਵਾਉਣ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਉਣ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕਰਨ ਦੇ ਮੰਤਵ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ, ਇਸੇ ਤਹਿਤ ਹਰ ਤੀਸਰੇ ਮਹੀਨੇ ਕੌਮੀ ਲੋਕ ਅਦਾਲਤ ਦਾ ਆਯੋਜਨ ਪੰਜਾਬ ਅਤੇ ਹਰਿਆਣਾ ਵਿਚ ਕੀਤਾ ਜਾ ਰਿਹਾ ਹੈ।
ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ਼੍ਰੀਮਤੀ ਗੁਰਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ 13 ਮਈ 2023 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫਲ ਕਰਨ ਸਬੰਧੀ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਪ੍ਰੀਤੀ ਸਾਹਨੀ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਇਸ ਸਬੰਧੀ ਲਗਾਤਾਰ ਮਾਨਸਾ ਅਦਾਲਤ ਦੇ ਜੱਜ ਸਾਹਿਬਾਨਾਂ, ਸਬ ਡਵੀਜ਼ਨਾਂ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਪੈਨਲ ਐਡਵੋਕਟਾਂ, ਬੈਂਕ ਅਧਿਕਾਰੀਆਂ, ਇੰਸ਼ੋਰੈਂਸ ਕੰਪਨੀਆਂ, ਜ਼ਿਲ੍ਹੇ ਦੇ ਐਸ.ਐਸ.ਪੀ., ਡੀ.ਸੀ, ਥਾਣਿਆਂ ਦੇ ਮੁਖੀਆਂ, ਸਰਪੰਚ ਸਾਹਿਬਾਨਾਂ, ਐਮਸੀਜ਼, ਬਾਰ ਐਸੋਸ਼ੀਏਸ਼ਨ ਮਾਨਸਾ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਆਹੁਦੇਦਾਰਾਂ, ਸੀਨੀਅਰ ਸਿਟੀਜ਼ਨਾਂ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਲੋਕਾਂ ਨੂੰ ਵੀ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ’ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਉਣ ਲਈ ਇਕ ਦਰਖ਼ਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ।

