ਬਿਊਰੋ, ਪ੍ਰਾਈਮ ਪੋਸਟ ਪੰਜਾਬ
ਜਲੰਧਰ ਲੋਕ ਸਭਾ ਸੀਟ ‘ਤੇ ਅੱਜ ਜ਼ਿਮਨੀ ਚੋਣ ਲਈ ਵੋਟਿੰਗ ਹੋਣੀ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਇੱਕ ਫੇਸਬੁੱਕ ਪੋਸਟ ਸਾਹਮਣੇ ਆਈ ਹੈ। ਜਿਸ ਵਿੱਚ ਉਨ੍ਹਾਂ ਨੇ ਸੀਐਮ ਭਗਵੰਤ ਮਾਨ ‘ਤੇ ਦੋਸ਼ ਲਗਾਇਆ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਮਾਮਲੇ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਦੋਂ ਉਸ ਦੇ ਕੋਲੋਂ ਸੁਰੱਖਿਆ ਵਾਪਸ ਲੈ ਲਈ ਗਈ ਸੀ ਤਾਂ ਸਰਕਾਰ ਨੇ ਇਸ ਦਾ ਪ੍ਰਚਾਰ ਕੀਤਾ ਸੀ। ਜਿਸ ਕਾਰਨ ਸਿੱਧੂ ਮੂਸੇਵਾਲਾ ਮਾਰਿਆ ਗਿਆ।
ਇੱਕ ਫੇਸਬੁੱਕ ਪੋਸਟ ਵਿੱਚ ਉਨ੍ਹਾਂ ਲਿਖਿਆ ਹੈ ਕਿ ਜੇਕਰ ਭਵਿੱਖ ਵਿੱਚ ਪੰਜਾਬ ਵਿੱਚ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਆਉਂਦੀ ਹੈ ਤਾਂ ਸੀਐਮ ਭਗਵੰਤ ਮਾਨ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਬਾਦਲ ਨੇ ਦਾਅਵਾ ਕੀਤਾ ਕਿ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਦੋ ਗੈਂਗਸਟਰਾਂ ਨੇ ‘ਗੈਂਗ ਵਾਰ’ ਦੇ ਬਹਾਨੇ ਗੋਇੰਦਵਾਲ ਜੇਲ੍ਹ ਵਿੱਚ ਸਬੂਤ ਨਸ਼ਟ ਕਰ ਦਿੱਤੇ ਹਨ। ਇਸ ਪੂਰੇ ਮਾਮਲੇ ‘ਚ ਅਹਿਮ ਸਬੂਤ ਨਸ਼ਟ ਕਰ ਦਿੱਤੇ ਗਏ। ਅਸੀਂ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਵਾਂਗੇ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜਲੰਧਰ ਉਪ ਚੋਣ ‘ਚ ‘ਆਪ’ ਸਰਕਾਰ ਖਿਲਾਫ ਚੋਣ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਬੇਟੇ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਛੇੜਿਆ ਹੈ। ਇਨਸਾਫ਼ ਮਿਲਣ ਤੱਕ ਅਸੀਂ ਚੁੱਪ ਨਹੀਂ ਬੈਠਾਂਗੇ। ਸਰਕਾਰ ’ਤੇ ਦੋਸ਼ ਲਾਉਂਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਉਸ ਦੇ ਪੁੱਤਰ ਦੇ ਕਤਲ ਦੇ ਮਾਸਟਰ ਮਾਈਂਡ ਨੂੰ ਫੜਨ ’ਚ ਨਾਕਾਮ ਰਹੀ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਤੁਸੀਂ ਕਿਸੇ ਵੀ ਪਾਰਟੀ ਨੂੰ ਵੋਟ ਕਰੋ ਪਰ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਓ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਆਪਣੇ ਟਵੀਟ ‘ਚ ਲਿਖਿਆ ਕਿ ‘ਸ਼ਰਮਨਾਕ! ਆਮ ਆਦਮੀ ਪਾਰਟੀ ਆਪਣੀ ਹਾਰ ਤੋਂ ਇੰਨੀ ਡਰੀ ਹੋਈ ਹੈ ਕਿ ਬਲਕੌਰ ਸਿੰਘ ਜੀ ਨੂੰ ਮਿਲਣ ਆਏ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਧਮਕੀਆਂ ਦੇ ਰਿਹਾ ਹੈ। ਜਲੰਧਰ ਦੇ ਲੋਕ ਇਸ ਤਾਨਾਸ਼ਾਹੀ ਰਵੱਈਏ ਦਾ ਬਦਲਾ ਜ਼ਰੂਰ ਲੈਣਗੇ, ਸਭ ਕੁਝ ਯਾਦ ਰੱਖਿਆ ਜਾਵੇਗਾ।

