ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਅੰਮ੍ਰਿਤਸਰ ਬੰਬ ਧਮਾਕੇ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਲਦੀ ਹੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।
ਬੁੱਧਵਾਰ ਅੱਧੀ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਇਕ ਵਾਰ ਫਿਰ ਜ਼ਬਰਦਸਤ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਤਿੰਨ ਸੌ ਮੀਟਰ ਦੂਰ ਤੱਕ ਸੁਣਾਈ ਦਿੱਤੀ। ਬੁੱਧਵਾਰ ਅਤੇ ਵੀਰਵਾਰ ਦੀ ਰਾਤ ਕਰੀਬ 12.40 ਵਜੇ ਹੋਇਆ ਇਹ ਧਮਾਕਾ ਪਹਿਲੇ ਦੋ ਧਮਾਕਿਆਂ ਦੇ ਬਿਲਕੁਲ ਉਲਟ ਦਿਸ਼ਾ ਹੈਰੀਟੇਜ ਸਟਰੀਟ ਵਿੱਚ ਹੋਏ ਪਹਿਲੇ ਧਮਾਕਿਆਂ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ।
ਮੌਕੇ ‘ਤੇ ਮੌਜੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਧਮਾਕਾ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਗਲਿਆਰੇ ‘ਚ ਹੋਇਆ | ਉਨ੍ਹਾਂ ਕਿਹਾ ਕਿ ਇਸ ਕਾਰਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਪੁਲਿਸ ਜਾਂਚ ਕਰ ਰਹੀ ਹੈ। ਇਸ ਨਾਲ ਸੰਗਤਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਦੇਰ ਰਾਤ ਅਤੇ ਸੋਮਵਾਰ ਸਵੇਰੇ ਹੈਰੀਟੇਜ ਸਟਰੀਟ ਸਥਿਤ ਸਾਰਾਗੜ੍ਹੀ ਸਰਾਂ ਨੇੜੇ ਧਮਾਕੇ ਹੋਏ ਸਨ। ਉਪਰੋਕਤ ਦੋਵੇਂ ਮਾਮਲਿਆਂ ਵਿੱਚ ਜਿੱਥੇ ਪੰਜਾਬ ਪੁਲਿਸ ਫੋਰੈਂਸਿਕ ਵਿਭਾਗ ਸੈਂਪਲ ਲੈ ਕੇ ਜਾਂਚ ਕਰ ਰਹੀ ਹੈ। ਦੂਜੇ ਪਾਸੇ NIA ਅਤੇ NSG ਨੇ ਘਟਨਾ ਸਥਾਨ ਦਾ ਦੌਰਾ ਕੀਤਾ, ਮਿੱਟੀ ਅਤੇ ਪੱਤਿਆਂ ਦੇ ਨਮੂਨੇ ਇਕੱਠੇ ਕੀਤੇ ਅਤੇ ਜਾਂਚ ਲਈ ਭੇਜੇ, ਜਿਨ੍ਹਾਂ ਦੀਆਂ ਰਿਪੋਰਟਾਂ ਦੀ ਪੁਲਿਸ ਅਤੇ ਏਜੰਸੀਆਂ ਨੂੰ ਉਡੀਕ ਹੈ।

