ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪਟਿਆਲਾ: ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਉਸ ਸਮੇਂ ਵੱਡੀ ਘਟਨਾ ਵਾਪਰੀ ਜਦੋਂ ਨਸ਼ੇ ਦੀ ਹਾਲਤ ਵਿੱਚ ਇੱਕ ਔਰਤ ਸਰੋਵਰ ਕੋਲ ਬੈਠੀ ਸ਼ਰਾਬ ਪੀ ਰਹੀ ਸੀ। ਉਥੇ ਸੰਗਤਾਂ ਵੱਲੋਂ ਉਸ ਨੂੰ ਫੜ ਕੇ ਮੈਨੇਜਰ ਦੇ ਦਫ਼ਤਰ ਲਿਜਾਇਆ ਗਿਆ ਪਰ ਉਥੇ ਇਕ ਵਿਅਕਤੀ ਨਿਰਮਲਜੀਤ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਔਰਤ ‘ਤੇ ਗੋਲੀ ਚਲਾ ਦਿੱਤੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲੀ ਔਰਤ ਦਾ ਨਾਂ ਪਰਮਿੰਦਰ ਕੌਰਹੈ ਅਤੇ ਉਹ ਪਟਿਆਲਾ ਦੀ ਹੀ ਰਹਿਣ ਵਾਲੀ ਹੈ।
ਘਟਨਾ ਦੌਰਾਨ ਗੋਲੀ ਲੱਗਣ ਕਾਰਨ ਇਕ ਸੇਵਾਦਾਰ ਜ਼ਖਮੀ ਹੋ ਗਿਆ। ਜ਼ਖਮੀ ਦੀ ਪਛਾਣ ਸੇਵਾਦਾਰ ਸਾਗਰ ਮਲਹੋਤਰਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੇਰ ਸ਼ਾਮ ਗੁਰਦੁਆਰਾ ਸਾਹਿਬ ‘ਚ ਇਕ ਔਰਤ ਸ਼ਰਾਬ ਪੀ ਰਹੀ ਸੀ, ਜਦੋਂ ਸੇਵਾਦਾਰਾਂ ਵਲੋਂ ਉਸ ਨੂੰ ਰੋਕਿਆ ਗਿਆ ਤਾਂ ਉਕਤ ਔਰਤ ਵਲੋਂ ਕਾਫੀ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ।
ਇਸ ਦੌਰਾਨ ਉੱਥੋਂ ਲੰਘ ਰਹੇ ਇਕ ਵਿਅਕਤੀ ਨੇ ਪਿਸਤੌਲ ਕੱਢ ਕੇ ਔਰਤ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮਹਿਲਾ ਅਤੇ ਜ਼ਖਮੀ ਸੇਵਾਦਾਰ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ, ਜਿੱਥੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਸੇਵਾਦਾਰ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਹਸਪਤਾਲ ‘ਚ ਭਰਤੀ ਸੇਵਾਦਾਰ ਦੇ ਬਿਆਨ ਦਰਜ ਕੀਤੇ।

